ਰੂਪਨਗਰ: ਸਰਕਾਰੀ ਹਸਪਤਾਲ ਦੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਸ਼ੁੱਕਰਵਾਰ ਨੂੰ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਵੱਖ-ਵੱਖ ਮੰਗਾਂ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣਾ ਮੰਗ ਪੱਤਰ ਭੇਜਿਆ ਗਿਆ।
ਇਸ ਦੌਰਾਨ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਕੌਰ ਨੇ ਕਿਹਾ ਉਹ ਆਪਣੀਆਂ ਹੱਕੀ ਮੰਗਾਂ ਵਾਸਤੇ ਪ੍ਰਦਰਸ਼ਨ ਕਰ ਰਹੀਆਂ ਹਨ, ਉਨ੍ਹਾਂ ਕਿਹਾ ਜਿਵੇਂ ਹਰਿਆਣਾ ਸੂਬੇ ਦੇ ਵਿੱਚ ਆਸ਼ਾ ਵਰਕਰਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਦਾ ਹੈ ਅਤੇ ਇਸ ਤੋਂ ਇਲਾਵਾ ਕੰਮ ਦੇ ਹਿਸਾਬ ਨਾਲ ਇਨਸੈਂਟਿਵ ਵੀ ਮਿਲਦਾ ਹੈ ਪਰ ਪੰਜਾਬ ਦੇ ਵਿੱਚ ਆਸ਼ਾ ਵਰਕਰਾਂ ਨੂੰ ਇਸ ਤਰ੍ਹਾਂ ਦਾ ਕੋਈ ਵੀ ਪ੍ਰਤੀ ਮਹੀਨਾ ਮਿਹਨਤਾਨਾ ਨਹੀਂ ਮਿਲਦਾ। ਉਨ੍ਹਾਂ ਦੱਸਿਆ ਕਿ ਹੁਣ ਆਸ਼ਾ ਵਰਕਰਾਂ ਪੰਜਾਬ ਦੇ ਵਿੱਚ ਕੋਰੋਨਾ ਦੇ ਮਹਾਂਮਾਰੀ ਦੇ ਦੌਰਾਨ ਕੰਮ ਕਰ ਰਹੀਆਂ ਹਨ ਅਤੇ ਸਰਕਾਰ ਦੇ ਹੋਰ ਅਨੇਕਾਂ ਕੰਮਾਂ ਦੇ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ।
ਇਹ ਵੀ ਪੜੋ: ਪਾਕਿ: ਸਿੱਖ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟ੍ਰੇਨ ਨਾਲ ਟੱਕਰ, 29 ਦੀ ਮੌਤ
ਇੱਕ ਹੋਰ ਆਸ਼ਾ ਵਰਕਰ ਨੇ ਕਿਹਾ ਕਿ ਅਜਿਹੇ ਮਹਿੰਗਾਈ ਦੇ ਦੌਰ ਦੇ ਵਿੱਚ ਇੰਨੇ ਘੱਟ ਪੈਸਿਆਂ ਦੇ ਨਾਲ ਉਨ੍ਹਾਂ ਦੇ ਸਾਂਝੇ ਪਰਿਵਾਰ ਦੇ ਵਿੱਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾ ਦੀਆਂ ਮੰਗਾਂ ਵੱਲ ਧਿਆਨ ਦੇਵੇ।