ਰੂਪਨਗਰ: ਪੰਜਾਬ ਦੇ ਸਾਬਕਾ ਸੀ.ਐੱਮ ਕੈਪਟਨ ਅਮਰਿੰਦਰ ਸਿੰਘ (Captain Amarinder Singh resign) ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਆਪਣੇ ਅਸਤੀਫੇ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ (new Party) ਦਾ ਐਲਾਨ ਵੀ ਕਰ ਦਿੱਤਾ। ਜਿਵੇਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਨਾਂ ਐਲਾਨ ਕੀਤਾ, ਉਸੇ ਤਰ੍ਹਾਂ ਹੀ ਵਿਰੋਧੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ।
ਜਿਸ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਏ ਜਾਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੀ ਰਾਜਨੀਤੀ ਦੇ ਵਿੱਚ ਇਕ ਵੱਡਾ ਬਦਲਾਅ ਦਿਖੇਗਾ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਏ ਜਾਣ ਦਾ ਸਵਾਗਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਦੇ ਨਾਮ ਦੇ ਵਿੱਚ ਕਾਂਗਰਸ ਸ਼ਬਦ ਇਸ ਕਰਕੇ ਰੱਖਿਆ ਗਿਆ ਹੈ, ਕਿ ਉਸ ਪਾਰਟੀ ਦੇ ਵਿੱਚ ਇਕੱਲੇ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਵਿੱਚ ਜੇਕਰ ਕੋਈ ਹੋਰ ਵਿਅਕਤੀ ਵੀ ਉਨ੍ਹਾਂ ਨੂੰ ਜੁਆਇਨ ਕਰਨ ਦਾ ਇੱਛੁਕ ਹੈ, ਤਾਂ ਉਹ ਵਿਅਕਤੀ ਵੀ ਇਸ ਪਾਰਟੀ ਦੇ ਵਿੱਚ ਆ ਸਕਦਾ ਹੈ। ਉਨ੍ਹਾਂ ਕਿਸਾਨੀ ਮਸਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸਾਨੀ ਮਸਲੇ ਨੂੰ ਹੱਲ ਕਰਨ ਦੇ ਲਈ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਹੀ ਤੱਤਪਰ ਰਹੀ ਹੈ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਦੋਵਾਂ ਧਿਰਾਂ ਦੇ ਵਿੱਚ ਵਿਚੋਲਗੀ ਕਰਕੇ ਇਸ ਮਸਲੇ ਦਾ ਹੱਲ ਕਰਦੇ ਹਨ ਤਾਂ ਇਹ ਮਸਲਾ ਜਲਦ ਹੱਲ ਹੋਵੇਗਾ ਤੇ ਇਸ ਤੋਂ ਸਾਰਿਆਂ ਨੂੰ ਫ਼ਾਇਦਾ ਹੋਵੇਗਾ।
ਇਸ ਤੋਂ ਇਲਾਵਾ ਪੰਜਾਬ ਦੇ ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਵੱਲੋਂ ਬੀ.ਐਸ.ਐਫ਼ ਦਾ ਅਧਿਕਾਰ ਖੇਤਰ ਵਧਾਏ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਸਰਕਾਰ ਪੰਜਾਬ ਦੇ ਵਿੱਚ ਨਸ਼ਾ ਰੋਕਣ ਦੀ ਗੱਲ ਕਰਦੀ ਹੈ। ਦੂਜੇ ਪਾਸੇ ਬੀਐਸਐਫ਼ ਦੇ ਅਧਿਕਾਰ ਖੇਤਰ ਵਧਾਏ ਜਾਣ 'ਤੇ ਨੁਕਤਾਚੀਨੀ ਕਰਦੀ ਹੈ। ਜਿਸ ਨੂੰ ਉਨ੍ਹਾਂ ਨੇ ਸਰਾਸਰ ਗ਼ਲਤ ਦੱਸਿਆ ਹੈ।
ਨਵਜੋਤ ਸਿੰਘ ਸਿੱਧੂ 'ਤੇ ਤੰਜ ਕੱਸਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਦੀ ਉਲਟੀ ਗਿਣਤੀ ਤਾਂ ਉਸ ਦਿਨ ਹੀ ਸ਼ੁਰੂ ਹੋ ਚੁੱਕੀ ਸੀ। ਜਿਸਦੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਕਿਸੇ ਨੂੰ ਕੁੱਝ ਕਰਨ ਦੀ ਲੋੜ ਨਹੀਂ, ਕਿਉਂਕਿ ਕਾਂਗਰਸ ਦੀ ਬੇੜੀ ਡੋਬਣ ਦੇ ਲਈ ਸਿੱਧੂ ਆਪ ਹੀ ਕਾਫ਼ੀ ਹਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਦੀਆਂ ਦਰਾਂ ਨੂੰ ਘਟਾਏ ਜਾਣ ਦਾ ਮਦਨ ਮੋਹਨ ਮਿੱਤਲ ਵੱਲੋਂ ਸਵਾਗਤ ਕੀਤਾ ਗਿਆ। ਪ੍ਰੰਤੂ ਉਨ੍ਹਾਂ ਕਿਹਾ ਕਿ ਲੋਕ ਕਹਿੰਦੇ ਹਨ ਕਿ ਚੰਨੀ ਕੇਵਲ ਐਲਾਨ ਕਰਨ ਵਾਲੇ ਹੀ ਮੁੱਖ ਮੰਤਰੀ ਹਨ ਅਤੇ ਇਹ ਤਾਂ ਸਮਾਂ ਹੀ ਦੱਸੇਗਾ ਕਿ ਚੰਨੀ ਵੱਲੋਂ ਕੀਤੇ ਗਏ ਐਲਾਨ ਪੂਰੇ ਹੁੰਦੇ ਹਨ ਜਾਂ ਨਹੀਂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਇਸ ਗੱਲ ਦਾ ਸਵਾਗਤ ਕਰਦਾ ਹਾਂ, ਕਿ ਜੇਕਰ ਪੰਜਾਬ ਦੇ ਵਿੱਚ ਬਿਜਲੀ ਦੀ ਦਰਾਂ ਦੇ ਰੇਟ ਘੱਟਦੇ ਹਨ, ਤਾਂ ਉਸ ਨਾਲ ਲੋਕਾਂ ਨੂੰ ਫ਼ਾਇਦਾ ਹੈ।
ਇਹ ਵੀ ਪੜ੍ਹੋ:- ਬਰਨਾਲਾ ਜੇਲ੍ਹ 'ਚ ਕੈਦੀ ਨਾਲ ਵਾਪਰੀ ਘਟਨਾ 'ਚ ਉਪ ਮੁੱਖ ਮੰਤਰੀ ਵਲੋਂ ਜਾਂਚ ਦੇ ਆਦੇਸ਼