ਰੂਪਨਗਰ: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਪਾਲ ਚੀਮਾ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਦਿੱਲੀ ਦੇ ਐਮ.ਐਲ.ਏ. ਜਰਨੈਲ ਸਿੰਘ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੰਗਲਵਾਰ ਨੂੰ ਰੂਪਨਗਰ ਪਹੁੰਚੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਹ ਭਰਤਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਵਰਕਰ ਗਗਨਦੀਪ ਗਿੱਲ ਨੂੰ ਮਿਲਣ ਆਏ ਹਨ ਜਿਨ੍ਹਾਂ 'ਤੇ ਸਿਆਸੀ ਲੋਕਾਂ ਦੇ ਦਬਾਅ ਹੇਠ ਝੂਠਾ ਪਰਚਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸ਼ਰੇਆਮ ਨਜਾਇਜ਼ ਮਾਈਨਿੰਗ ਚੱਲ ਰਹੀ ਹੈ ਅਤੇ ਆਵਾਜ਼ ਚੁੱਕਣ ਵਾਲੇ ਦੇ ਖਿਲਾਫ ਝੂਠੇ ਪਰਚੇ ਦਿੱਤੇ ਜਾ ਰਹੇ ਹਨ।
ਪੰਜਾਬ 'ਚ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਜਿਹੇ 'ਚ ਸਰਕਾਰਾਂ ਨੂੰ ਕੋਰੋਨਾ ਨਾਲ ਲੜਾਈ 'ਚ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਜੇਕਰ ਚੋਣਾਂ ਲੇਟ ਵੀ ਹੁੰਦੀਆਂ ਹਨ ਤਾਂ ਉਸ ਵਿੱਚ ਕੋਈ ਵੱਡੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾ ਲੜੇਗੀ ਜਾਂ ਨਹੀਂ, ਇਸ ਸਬੰਧੀ 'ਆਪ' ਦੀ ਕੋਰ ਕਮੇਟੀ ਫੈਸਲਾ ਕਰੇਗੀ।
ਹਰਪਾਲ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਦੇ ਨਾਮ 'ਤੇ ਗੰਦੀ ਸਿਆਸਤ ਕਰਦੀ ਆਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਅਤੇ ਅਜੇ ਤੱਕ ਕਾਂਗਰਸ ਸਰਕਾਰ ਨੇ ਬੇਅਦਬੀ ਦੇ ਦੋਸ਼ੀ ਜੇਲ੍ਹਾਂ ਵਿੱਚ ਨਹੀਂ ਪਾਏ ਜੋ ਦਰਸਾਉਂਦਾ ਹੈ ਕਿ ਅਕਾਲੀ ਅਤੇ ਕਾਂਗਰਸੀ ਆਪਸ ਦੇ ਵਿੱਚ ਮਿਲੇ ਹੋਏ ਹਨ।