ਰੂਪਨਗਰ: ਸੂਬੇ ਦੇ ਅੰਦਰ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਲੇਬਰ ਨਹੀਂ ਮਿਲ ਰਹੀ। ਉਧਰ ਦੂਜੇ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਪਰ ਪੰਜਾਬ ਦਾ ਕਿਸਾਨ ਇਸ ਟਾਈਮ ਬਹੁਤ ਦੁਖੀ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਖੀ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਬਹੁਤ ਤੰਗ ਅਤੇ ਪ੍ਰੇਸ਼ਾਨ ਹੈ ਜਿਸ ਵੱਲ ਨਾ ਤਾਂ ਪੰਜਾਬ ਸਰਕਾਰ ਤੇ ਨਾ ਹੀ ਕੇਂਦਰ ਸਰਕਾਰ ਧਿਆਨ ਦੇ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹੁਣ ਸਭ ਤੋਂ ਵੱਡੀ ਸਮੱਸਿਆ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਲਈ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਨਾ ਹੀ ਕੋਈ ਖੇਤੀਬਾੜੀ ਮਹਿਕਮਾ ਕਿਸਾਨਾਂ ਦੀ ਬਾਂਹ ਫੜ ਰਿਹਾ ਹੈ।
ਇਹ ਵੀ ਪੜ੍ਹੋ: ਮਿਸ਼ਨ ਫ਼ਤਿਹ: ਕੈਪਟਨ ਅਮਰਿੰਦਰ ਨੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ
ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾਂ ਖੇਤ ਦੀ 2 ਵਾਰ ਰੌਣੀ ਕੀਤੀ ਜਾਂਦੀ ਹੈ ਤਾਂ ਜੋ ਉਸ ਜ਼ਮੀਨ ਦੇ ਵਿੱਚ ਨਦੀਨਾਂ ਨੂੰ ਖ਼ਤਮ ਕੀਤਾ ਜਾ ਸਕੇ। ਜੇਕਰ ਖੇਤਾਂ ਦੇ ਵਿੱਚ ਨਦੀਨ ਜੰਮਣਗੇ ਤਾਂ ਫਸਲ ਦਾ ਝਾੜ ਵੀ ਘਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾਅਵਾ ਕਰਦੀ ਹੈ ਕਿ ਅਸੀਂ ਕਿਸਾਨਾਂ ਨੂੰ ਖੇਤਾਂ ਦੇ ਵਿੱਚ 4 ਘੰਟੇ ਬਿਜਲੀ ਦੇ ਰਹੇ ਹਾਂ ਪਰ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਸਿਰਫ਼ 2 ਘੰਟੇ ਹੀ ਬਿਜਲੀ ਮਿਲ ਰਹੀ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ 10 ਤੋਂ 12 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨ ਸਿੱਧੀ ਬਿਜਾਈ ਲਈ ਆਪਣੇ ਖੇਤ ਦੀ ਚੰਗੀ ਤਰ੍ਹਾਂ 2-2 ਵਾਰ ਰੌਣੀ ਕਰ ਸਕਣ।