ਰੋਪੜ: ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਦਿਨੀਂ ਆਏ ਹੜ੍ਹ ਤੋਂ ਬਾਅਦ ਜਨ-ਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਸਤਲੁਜ ਦਰਿਆ ਦੇ ਬੰਨ੍ਹ ਟੁੱਟਣ ਕਾਰਨ ਪਿੰਡਾਂ ਦੇ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਸਨ। ਇਸ ਹੜ੍ਹ ਨੇ ਜ਼ਿਲ੍ਹੇ 'ਚ ਬਹੁਤ ਵੱਡਾ ਨੁਕਸਾਨ ਕੀਤਾ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਵੀਰਵਾਰ ਨੂੰ ਆਪਣੀ ਟੀਮ ਭੇਜੀ ਗਈ ਹੈ।
ਕੇਂਦਰ ਤੋਂ ਆਈ ਟੀਮ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੀ। ਇਸ ਟੀਮ ਦੀ ਅਗਵਾਈ ਭਾਰਤ ਸਰਕਾਰ ਦੇ ਜੁਆਇੰਟ ਸੈਕਟਰੀ ਅਨੁਜ ਸ਼ਰਮਾ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਸਐਸਪੀ ਅਤੇ ਹੋਰ ਆਲਾ ਅਧਿਕਾਰੀ ਮੌਜੂਦ ਸਨ। ਉਨ੍ਹਾਂ ਰੂਪਨਗਰ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਅਨੁਜ ਸ਼ਰਮਾ ਨੇ ਦੱਸਿਆ, "ਸਾਡੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਫ਼ਸਲਾਂ ਸਣੇ ਹੋਰ ਕਿੰਨਾ ਕੁ ਨੁਕਸਾਨ ਹੋਇਆ ਹੈ, ਇਸ ਦਾ ਜਾਇਜ਼ਾ ਲੈਣ ਪੁੱਜੇ ਹਾਂ।" ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਦੇ ਹੋਏ ਨੁਕਸਾਨ ਦੀ ਐਸਟੀਮੇਟ ਰਿਪੋਰਟ ਜਲਦ ਹੀ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਰੂਪਨਗਰ ਦੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਈਟੀਵੀ ਭਾਰਤ ਵੱਲੋਂ ਪ੍ਰਮੁੱਖਤਾ ਦੇ ਨਾਲ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਗਿਆ ਸੀ ਤੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰ ਦੇ ਸਾਹਮਣੇ ਲੋਕਾਂ ਦੀ ਆਵਾਜ਼ ਨੂੰ ਚੁੱਕਿਆ ਗਿਆ ਸੀ।