ਰੂਪਨਗਰ: ਮਹਾਰਾਜਾ ਰਣਜੀਤ ਸਿੰਘ ਬਾਗ ਦੇ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਮੰਚ ਨੇ ਇੱਕ ਵਿਸ਼ਾਲ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ।
ਇਸ ਧਰਨੇ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਧਰਨਾਕਾਰੀ ਸ਼ਾਮਲ ਸਨ। ਯੂਨੀਅਨ ਆਗੂ ਸੁਖਦੇਵ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੱਜ ਦੇਸ਼ ਭਰ ਦੇ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਧਰਨੇ, ਮੁਜ਼ਾਹਰੇ ਕਰ ਰਹੀਆਂ ਹਨ ਕਿਉਂਕਿ ਦੇਸ਼ ਦੀ ਮੋਦੀ ਸਰਕਾਰ ਨੇ ਕਿਰਤ ਕਾਨੂੰਨਾਂ ਦੇ ਵਿੱਚ ਮਜ਼ਦੂਰ ਵਿਰੋਧੀ ਫ਼ੈਸਲੇ ਲਏ ਹਨ ਜਿਸ ਦੇ ਵਿਰੋਧ ਵਿੱਚ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਕੇਂਦਰ ਵੱਲੋਂ ਕੰਮ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ ਹੈ। ਨਵੇਂ ਕਾਨੂੰਨ ਸਾਰੇ ਹੀ ਮਜ਼ਦੂਰ ਵਿਰੋਧੀ ਹਨ, ਕਰਫਿਊ ਤੇ ਲੌਕਡਾਊਨ ਦੇ ਦੌਰਾਨ ਮਜ਼ਦੂਰਾਂ ਦੀਆਂ ਡਿਊਟੀਆਂ ਨੂੰ ਹਟਾਇਆ ਨਾ ਜਾਵੇ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ।
ਠੇਕੇ ਉੱਤੇ ਭਰਤੀ ਕੀਤੇ ਕੈਜ਼ੂਅਲ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਮਨਰੇਗਾ ਦੇ ਅਧੀਨ ਮਜ਼ਦੂਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ। ਅਜਿਹੀਆਂ ਅਨੇਕਾਂ ਮੰਗਾਂ ਨੂੰ ਲੈ ਕੇ ਅੱਜ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ।