ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸੋਮਵਾਰ ਨੂੰ ਬਲਾਕ ਨੂਰਪੁਰ ਬੇਦੀ ਦੇ ਪਿੰਡ ਡੂਮੇਵਾਲ ਪੁੱਜੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੇ ਨਾਲ ਮੀਟਿੰਗ ਕੀਤੀ।
ਮੀਟਿੰਗ ਉਪਰੰਤ ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੇ ਚੱਲਦਿਆਂ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਮਦ ਨੂੰ ਬੰਦ ਕਰਨ ਦਾ ਜੋ ਫ਼ੈਸਲਾ ਲਿਆ ਹੈ ਉਹ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰਲ ਕੇ ਕਿਸਾਨਾਂ ਅਤੇ ਆਮ ਲੋਕਾਂ ਦੇ ਵਿੱਚ ਲੜਾਈ ਕਰਵਾਉਣਾ ਚਾਹੁੰਦੀਆਂ ਹਨ, ਜਿਸ ਦੇ ਚੱਲਦਿਆਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ਨੂੰ ਬਦਲਦਿਆਂ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਜਿਹੜੀਆਂ ਮਾਲ ਗੱਡੀਆਂ ਚੱਲ ਸਕਦੀਆਂ ਹਨ, ਉਨ੍ਹਾਂ ਨੂੰ ਚਲਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਦਿੱਤੀ ਜਾ ਸਕੇ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਸ ਦਿਨ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤਾ ਲਿਆਂਦਾ ਸੀ ਉਹ ਤਾਂ ਉਸ ਦਿਨ ਹੀ ਮੰਨ ਚੁੱਕੀ ਸੀ ਕਿ ਕਿਸਾਨੀ ਸੰਘਰਸ਼ ਖਤਮ ਹੋ ਚੁੱਕਾ ਹੈ ਪਰੰਤੂ ਕਿਸਾਨ ਰੇਲਵੇ ਟਰੈਕ ਅਤੇ ਸੜਕਾਂ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਨਾਲ ਖੜੇ ਹੋ ਕੇ ਉਨ੍ਹਾਂ ਦੇ ਮਸਲੇ ਹੱਲ ਕਰਾਏ ਜਾਣ ਨਾ ਕਿ ਟ੍ਰੇਨਾਂ ਬੰਦ ਕਰਕੇ ਕਿਸਾਨਾਂ ਅਤੇ ਲੋਕਾਂ ਨੂੰ ਮੁਸ਼ਕਿਲ ਵਿੱਚ ਪਾਉਣਾ ਜਾਣਾ ਚਾਹੀਦਾ ਹੈ।