ਰੂਪਨਗਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਨੰਗਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੌਜੂਦਾ ਸਥਿਤੀਆਂ ਨੂੰ ਦੇਖਦੇ ਹੋਏ ਮਿਉਂਸਿਪਲ ਕੌਂਸਲ ਦੀਆਂ ਚੋਣਾਂ ਨਹੀਂ ਕਰਾਉਣੀਆਂ ਚਾਹੀਦੀਆਂ।
4 ਸਾਲਾ 'ਚ ਕੈਪਟਨ ਸਰਕਾਰ ਨੇ ਕੁਝ ਨਹੀਂ ਕੀਤਾ
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕਿਹੜੇ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਕੌਂਸਲ ਚੋਣ ਲੜ ਰਿਹਾ ਹੈ ਅਤੇ ਸਿੱਧਾ ਮੁਕਾਬਲਾ ਅਕਾਲੀ ਦਲ ਦਾ ਕਿਸ ਨਾਲ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿੱਧਾ ਮੁਕਾਬਲਾ ਕਾਂਗਰਸ ਦੇ ਨਾਲ ਹੈ ਅਤੇ ਜੇਕਰ ਮੁੱਦਿਆਂ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਸਰਕਾਰ ਨੇ ਬੀਤੇ ਚਾਰ ਸਾਲਾਂ ਵਿੱਚ ਕੁਝ ਵੀ ਨਹੀਂ ਕਰਵਾਇਆ ਅਤੇ ਇਨ੍ਹਾਂ ਸਾਰਿਆਂ ਮੁੱਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਨਾਜਾਇਜ਼ ਧੰਦੇ ਕਰਨ ਵਾਲਿਆਂ ਨੂੰ ਪਨਾਹ ਦੇਣ ਵਿੱਚ ਬਿਜ਼ੀ ਰਹੀ। ਇਸ ਦੇ ਨਾਲ ਕਿਸਾਨੀ ਅੰਦੋਲਨ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਵਿੱਚ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਲਈ ਵੀ ਪੰਜਾਬ ਵਿੱਚ ਇਸ ਸਿਆਸੀ ਪਿੜ ਨੂੰ ਗਰਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਨਾ ਕੇਵਲ ਪੰਜਾਬੀ ਸਗੋਂ ਸਮੁੱਚਾ ਦੇਸ਼ ਕਿਸਾਨੀ ਸੰਘਰਸ਼ ਨੂੰ ਆਪਣਾ ਸਮਰਥਨ ਦੇ ਰਿਹਾ ਹੈ ਅਤੇ ਲੋਕ ਕਿਸਾਨਾਂ ਦੇ ਨਾਲ ਡਟੇ ਹੋਏ ਹਨ।
ਚੰਦੂਮਾਜਰਾ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ
ਚੰਦੂਮਾਜਰਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਅੜੀਅਲ ਅਤੇ ਜਿੱਦੀ ਰਵੱਈਆ ਛੱਡ ਕੇ ਗੱਲਬਾਤ ਰਾਹੀਂ ਕਿਸਾਨੀ ਮਸਲੇ ਦਾ ਜਲਦ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਨੇ 26 ਤਰੀਕ ਨੂੰ ਹੋਣ ਵਾਲੇ ਟਰੈਕਟਰ ਮਾਰਚ ਦੇ ਨੂੰ ਲੈ ਕੇ ਕਿਹਾ ਕਿ ਪ੍ਰਦਰਸ਼ਨ ਕਰਨਾ ਹਰ ਇੱਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਜਿਸ ਕੋਲ ਜਿਹੜੀ ਚੀਜ਼ ਹੈ ਉਸ ਨੇ ਉਸਦੇ ਨਾਲ ਹੀ ਪ੍ਰਦਰਸ਼ਨ ਕਰਨਾ ਹੈ ਅਤੇ ਕਿਸਾਨ ਜੇਕਰ 26 ਜਨਵਰੀ ਨੂੰ ਆਪਣੇ ਟਰੈਕਟਰ ਲੈ ਕੇ ਦਿੱਲੀ ਵਿੱਚ ਮਾਰਚ ਕਰਨਗੇ ਤਾਂ ਉਸ ਵਿੱਚ ਕੋਈ ਵੀ ਗਲਤ ਗੱਲ ਨਹੀਂ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਰੋਕ ਸਕਦਾ ਹੈ।