ਰੂਪਨਗਰ : ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਵਿਡ ਕੇਅਰ ਸੈਂਟਰ 'ਚ ਦਰਜਾ ਚਾਰ ਦੇ ਮੁਲਾਜ਼ਮਾਂ ਨੇ ਠੇਕੇਦਾਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਤਨਖਾਹਾਂ ਨਾ ਮਿਲਣ ਕਾਰਨ ਕੀਤਾ ਗਿਆ। ਮੁਲਾਜ਼ਮਾਂ ਨੇ ਠੇਕੇਦਾਰ 'ਤੇ ਪੂਰੀ ਤਨਖ਼ਾਹ ਨਾ ਦਿੱਤੇ ਜਾਣ ਦੇ ਦੋਸ਼ ਲਾਏ ਹਨ। ਇਸ ਮੌਕੇ ਦਰਜਾ ਚਾਰ ਦੇ ਮੁਲਾਜ਼ਮਾਂ ਨੇ ਇੱਕਠੇ ਹੋ ਕੇ ਠੇਕੇਦਾਰ ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਕੋਰੋਨਾ ਕਾਲ ਦੌਰਾਨ ਵੀ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਦੌਰਾਨ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨੀਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਹਨ। ਜਿਸ ਦੇ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਢਿੱਡ ਭਰਨਾ ਤੇ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜਾਨ ਜੋਖ਼ਮ 'ਚ ਪਾ ਕੇ ਡਿਊਟੀ ਕਰ ਰਹੇ ਹਨ, ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਉੱਤੇ ਧਿਆਨ ਨਹੀਂ ਦੇ ਰਹੀ ਹੈ। ਮੁਲਾਜ਼ਮਾਂ ਨੇ ਠੇਕੇਦਾਰ 'ਤੇ ਪੂਰੀ ਤਨਖ਼ਾਹ ਨਾ ਦੇਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਕੰਮ 'ਤੇ ਰੱਖਣ ਸਮੇਂ ਠੇਕੇਦਾਰ ਨੇ ਉਨ੍ਹਾਂ ਨੂੰ 10 ਹਜ਼ਾਰ ਰੁਪਏ ਤਨਖ਼ਾਹ ਦੇਣ ਦੀ ਗੱਲ ਕਹੀ ਗਈ ਸੀ, ਪਰ ਉਨ੍ਹਾਂ ਨੂੰ ਮਹਿਜ਼ 5 ਹਜ਼ਾਰ ਰੁਪਏ ਹੀ ਦਿੱਤੇ ਜਾ ਰਹੇ ਹਨ। ਜਦ ਉਹ ਕੰਮ ਛੱਡਣ ਦਾ ਕਹਿੰਦੇ ਹਨ ਤਾਂ ਉਕਤ ਠੇਕੇਦਾਰ ਵੱਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਰਿਲੀਜ਼ ਨਾ ਕੀਤੇ ਜਾਣ ਦੀ ਧਮਕੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਤਨਖ਼ਾਹਾਂ ਰਿਲੀਜ਼ ਕਰਵਾਏ ਜਾਣ ਦੀ ਮੰਗ ਕੀਤੀ ਹੈ।
ਉਧਰ ਇਸ ਸਬੰਧੀ ਜਦੋਂ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਰਾਮ ਕ੍ਰਿਸ਼ਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਉਨ੍ਹਾਂ ਨੂੰ ਇਸ ਬਾਰੇ ਪਤਾ ਲਗਾ ਹੈ। ਉਨ੍ਹਾਂ ਨੇ ਇਸ ਮਾਮਲੇ ਨਾਲ ਸਬੰਧਤ ਠੇਕੇਦਾਰ ਨਾਲ ਗੱਲ ਕੀਤੀ ਹੈ। ਠੇਕੇਦਾਰ ਨੇ ਇਹ ਵਿਸ਼ਵਾਸ ਦਵਾਇਆ ਹੈ ਕਿ ਉਸ ਵੱਲੋਂ ਕੋਵਿਡ ਸੈਂਟਰ ਦੇ ਦਰਜਾ ਚਾਰ ਦੇ ਮੁਲਾਜ਼ਮਾਂ ਦੀ ਤਨਖ਼ਾਹ ਇੱਕ ਹਫ਼ਤੇ ਦੇ ਅੰਦਰ ਉਨ੍ਹਾਂ ਅਦਾ ਕਰ ਦਿੱਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਮੀਡੀਆ ਵੱਲੋਂ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਇਹ ਮਾਮਲਾ ਧਿਆਨ ਵਿੱਚ ਆਉਣ ਉਪਰੰਤ ਉਨ੍ਹਾਂ ਵੱਲੋਂ ਸੰਬੰਧਿਤ ਠੇਕੇਦਾਰ ਦੇ ਨਾਲ ਗੱਲ ਕੀਤੀ ਗਈ ਹੈ ਅਤੇ ਠੇਕੇਦਾਰ ਨੇ ਇਹ ਵਿਸ਼ਵਾਸ ਦਿਵਾਇਆ ਹੈ ਕਿ ਇੱਕ ਹਫ਼ਤੇ ਦੇ ਅੰਦਰ ਅੰਦਰ ਇਨ੍ਹਾਂ ਦਰਜਾ ਚਾਰ ਕਰਮਚਾਰੀਆਂ ਦੀ ਤਨਖਾਹ ਉਸ ਵੱਲੋਂ ਅਦਾ ਕਰ ਦਿੱਤੀ ਜਾਵੇਗੀ।