ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਨਜਾਇਜ਼ ਮਾਈਨਿੰਗ ਮਾਮਲੇ 'ਤੇ ਮੁੱਖ ਮੰਤਰੀ ਤੇ ਸਥਾਨਕ ਲੀਡਰਾਂ ਤੋਂ ਜਵਾਬ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ ਕੁੱਝ ਦਿਨ ਪਹਿਲਾਂ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮੀਡੀਆ 'ਚ ਇੱਕ ਬਿਆਨ ਦਿੱਤਾ ਸੀ। ਇਸ ਬਿਆਨ 'ਚ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 90 ਫੀਸਦੀ ਨਜਾਇਜ਼ ਤੌਰ 'ਤੇ ਮਾਈਨਿੰਗ ਹੋਣ ਦੀ ਗੱਲ ਆਖੀ ਸੀ। ਇਸ ਮਾਮਲੇ 'ਤੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਸਰਕਾਰ 'ਤੇ ਸਵਾਲ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਲੀਡਰਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਕਿਉਂਕਿ ਉਨ੍ਹਾਂ ਦੇ ਆਪਣੇ ਲੀਡਰ ਹੀ ਅਨੰਦਪੁਰ ਸਾਹਿਬ 'ਚ ਨਜਾਇਜ਼ ਮਾਈਨਿੰਗ ਦੀ ਗੱਲ ਕਹਿ ਰਹੇ ਹਨ। ਡਾ. ਚੀਮਾ ਨੇ ਮੁੱਖ ਮੰਤਰੀ ਤੋਂ ਇਹ ਸਵਾਲ ਕੀਤਾ ਹੈ ਕਿ ਨਜਾਇਜ਼ ਮਾਈਨਿੰਗ ਕੌਂਣ ਕਰਵਾ ਰਿਹਾ ਹੈ? ਜਨਤਾ ਨੂੰ ਇਸ ਦਾ ਜਵਾਬ ਮਿਲਣਾ ਚਾਹੀਦਾ ਹੈ।
ਦਲਜੀਤ ਚੀਮਾ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਜੇਕਰ ਨਜਾਇਜ਼ ਮਾਈਨਿੰਗ ਨੂੰ ਲੈ ਕੇ ਅਕਾਲੀ ਬਿਆਨ ਦਿੰਦੇ ਤਾਂ ਇਸ ਨੂੰ ਗ਼ਲਤ ਕਰਾਰ ਦਿੱਤਾ ਜਾਂਦਾ। ਕੈਪਟਨ ਸਰਕਾਰ ਕਹਿੰਦੀ ਕਿ ਵਿਰੋਧੀ ਪ੍ਰੋਪੋਗੰਡਾ ਕਰ ਰਹੇ ਹਨ, ਪਰ ਹੁਣ ਤਾਂ ਉਨ੍ਹਾਂ ਦਾ ਆਪਣਾ ਹੀ ਯੂਥ ਕਾਂਗਰਸ ਪ੍ਰਧਾਨ ਇਹ ਗੱਲ ਕਹਿ ਰਹਾ ਹੈ। ਉਨ੍ਹਾਂ ਕਿਹਾ ਕਿ ਹੁਣ ਮਾਨਯੋਗ ਸਪੀਕਰ, ਹਲਕੇ ਦੇ ਵਿਧਾਇਕ ਅਤੇ ਖ਼ੁਦ ਮੁੱਖ ਮੰਤਰੀ ਨੂੰ ਇਸ 'ਤੇ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾ ਸੱਚ ਬੋਲ ਰਹੇ ਹਨ ਜਾਂ ਝੂਠ।