ਰੂਪਨਗਰ: ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਬੁੱਧਵਾਰ ਨੂੰ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਧਰਨਾ ਲਗਾਇਆ ਗਿਆ। ਧਰਨੇ ਦੌਰਾਨ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਤੋਂ ਬਾਅਦ ਸਰਕਾਰ ਵੱਲੋਂ ਕਿਸਾਨਾਂ ਨੂੰ ਜੁਰਮਾਨੇ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਖਿਲਾਫ਼ ਵੱਖ-ਵੱਖ ਮੁਕੱਦਮੇ ਵੀ ਦਰਜ ਕੀਤੇ ਗਏ ਹਨ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਅੱਜ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਕਾਮਰੇਡ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਦੇ ਜਿੰਨੇ ਵੀ ਕਿਸਾਨਾਂ ਵਿਰੁੱਧ ਪਰਾਲੀ ਸਾੜਨ ਦੇ ਮੁਕੱਦਮੇ ਦਰਜ ਕੀਤੇ ਗਏ ਹਨ ਉਹ ਵਾਪਸ ਲਏ ਜਾਣ ਅਤੇ ਜੇਕਰ ਸਰਕਾਰਾਂ ਚਾਹੁੰਦੀਆਂ ਹਨ ਕਿ ਕਿਸਾਨ ਅੱਗੇ ਤੋਂ ਪਰਾਲੀ ਨਾ ਸਾੜਨ ਤਾਂ ਇਸ ਬਦਲੇ ਸਰਕਾਰਾਂ ਢੁੱਕਵੇਂ ਮੁਆਵਜ਼ੇ ਦੇਣ ਦਾ ਪ੍ਰਬੰਧ ਕਰਨ।
ਇਸ ਤੋਂ ਇਲਾਵਾ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਜੋ ਗੰਨੇ ਦੀ ਫ਼ਸਲ ਵੱਖ-ਵੱਖ ਸ਼ੂਗਰ ਮਿੱਲਾਂ ਨੂੰ ਵੇਚੀ ਗਈ ਸੀ ਉਹਦਾ ਕਰੋੜਾਂ ਰੁਪਿਆ ਬਕਾਇਆ ਕਿਸਾਨਾਂ ਨੂੰ ਅਜੇ ਤੱਕ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਇਹ ਬਕਾਇਆ ਦਵਾਵੇ।
ਇਹ ਵੀ ਪੜ੍ਹੋ: ਇਸਰੋ ਨੇ ਉਪਗ੍ਰਹਿ Cartosat3 ਅਤੇ ਅਮਰੀਕਾ ਦੇ 13 ਸੈਟੇਲਾਈਟ ਕੀਤੇ ਲਾਂਚ
ਹੋਰ ਗੱਲਬਾਤ ਕਰਦਿਆਂ ਕਾਮਰੇਡ ਸੁਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੇ ਕਿਸਾਨਾਂ ਦੀ ਕੁੱਝ ਜ਼ਮੀਨ ਰੇਲਵੇ ਅਧੀਨ ਅਕਵਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਸ ਜਗ੍ਹਾ ਲਈ ਕਿਸਾਨਾਂ ਨੂੰ ਹਿਮਾਚਲ ਸਰਕਾਰ ਦੀ ਤਰਜ਼ 'ਤੇ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗੱਲ ਕੀਤੀ ਗਈ ਸੀ ਉਹ ਕਰਜ਼ੇ ਪੂਰੇ ਪੰਜਾਬ ਦੇ ਕਿਸਾਨਾਂ ਦੇ ਮੁਆਫ਼ ਨਹੀਂ ਹੋਏ ਸਗੋਂ ਕੁੱਝ ਹੀ ਕਿਸਾਨਾਂ ਦੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੇ ਕਰਜ਼ੇ ਅਜੇ ਤੱਕ ਮੁਆਫ਼ ਨਹੀਂ ਹੋਏ ਸਰਕਾਰ ਤੁਰੰਤ ਉਨ੍ਹਾਂ ਨੂੰ ਮੁਆਫ਼ ਕਰੇ। ਇਸ ਦੇ ਨਾਲ ਹੋਰ ਵੱਖ-ਵੱਖ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਮਰੇਡਾਂ ਵੱਲੋਂ ਜ਼ਿਲ੍ਹੇ ਦੇ ਡੀਸੀ ਨੂੰ ਵੀ ਮੰਗ ਪੱਤਰ ਸੌਂਪੇ ਗਏ।