ਰੂਪਨਗਰ: ਸੀਪੀਆਈਐੱਮ ਪੰਜਾਬ ਰਾਜ ਕਮੇਟੀ ਦੇ ਸੱਦੇ ਹੇਠ ਕਾਮਰੇਡਾਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਦੀ ਅਗਵਾਈ ਕਾਮਰੇਡ ਰਘੂਨਾਥ ਵੱਲੋਂ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ।
ਕਾਮਰੇਡ ਰਘੂਨਾਥ ਨੇ ਦੱਸਿਆ ਕਿ ਲੌਕਡਾਊਨ ਦੇ ਕਾਰਨ ਕਾਰਖਾਨੇ ਦੇ ਮਜ਼ਦੂਰਾਂ ਅਤੇ ਰੋਜ਼ਾਨਾ ਦਿਹਾੜੀਦਾਰਾਂ ਅਤੇ ਘਰਾਂ 'ਚ ਕੰਮ ਕਰਨ ਵਾਲੇ ਜੋ ਇਨਕਮ ਟੈਕਸ ਨਹੀਂ ਭਰਦੇ ਹਨ, ਉਨ੍ਹਾਂ ਨੂੰ ਸਰਕਾਰ 7500 ਰੁਪਏ ਪ੍ਰਤੀ ਮਹੀਨਾ ਦੇਣ। ਇਸ ਤੋਂ ਇਲਾਵਾ ਮਨਰੇਗਾ ਅਧੀਨ ਘੱਟੋ ਘੱਟ 200 ਦਿਨ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ 10 ਕਿਲੋ ਅਨਾਜ ਪ੍ਰਤੀ ਵਿਅਕਤੀ ਦਿੱਤਾ ਜਾਵੇ।
ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਵੱਖ ਵੱਖ ਵਿਭਾਗਾਂ ਦੇ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਵਰਗਾਂ ਨੂੰ ਵੀ ਸਿਹਤ ਬੀਮਾ ਸਰਕਾਰ ਦੇਵੇ। ਉਨ੍ਹਾਂ ਕਿਹਾ ਸੂਬੇ ਦੇ ਅੰਦਰ ਅਗਰ ਕੋਈ ਵੀ ਪੱਤਰਕਾਰ ਜਾਂ ਬੁੱਧੀਜੀਵੀ ਸਮਾਜ ਦੀ ਗੱਲ ਨੂੰ ਚੁੱਕਦਾ ਹੈ ਤਾਂ ਉਹਦੇ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ, ਇਹ ਸਰਕਾਰ ਬੰਦ ਕਰੇ।
ਪੰਜਾਬ ਦੇ ਵਿੱਚ ਨੀਲੇ ਕਾਰਡ ਧਾਰਕਾਂ ਦੇ ਜੋ ਨਾਮ ਕੱਟੇ ਗਏ ਹਨ, ਉਨ੍ਹਾਂ ਦੇ ਨਾਮ ਦਰਜ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਰਾਸ਼ਨ ਮੁਹੱਈਆ ਕਰਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸ਼ਰਾਬ ਨਸ਼ਾ ਅਤੇ ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਵਾਸਤੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।