ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਨਾਲ ਇੱਕ ਬੈਠਕ ਕੀਤੀ। ਮੀਟਿੰਗ ਦੌਰਾਨ 7 ਜੁਲਾਈ ਨੂੰ ਪੰਜਾਬ ਸਰਕਾਰ ਦੇ ਵਿਰੁੱਧ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਬਾਰੇ ਚਰਚਾ ਕੀਤੀ ਗਈ।
ਇਸ ਮੌਕੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਦੇ ਬਹੁਤ ਸਾਰੇ ਹਨ ਪਰ ਖ਼ਾਸ ਤੌਰ 'ਤੇ ਸੂਬੇ ਵਿੱਚ ਵਧ ਰਹੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਤੇ ਕੱਟੇ ਗਏ ਨੀਲੇ ਕਾਰਡ ਬਾਰੇ ਇਹ ਧਰਨੇ ਲਗਾਏ ਜਾ ਰਹੇ ਹਨ। ਚੀਮਾ ਨੇ ਕਿਹਾ ਕਿ 7 ਜੁਲਾਈ ਨੂੰ ਪੰਜਾਬ ਸਰਕਾਰ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੇ ਪੱਧਰ ਤੇ ਧਰਨੇ ਦਿੱਤੇ ਜਾਣਗੇ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਘੋਟਾਲੇ ਦੇ ਬਾਰੇ ਗੱਲ ਕਰਦੇ ਹੋਏ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਥਿਤ ਦੋਸ਼ੀਆਂ ਨੂੰ ਮੁੱਅਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁਬਾਰਕਬਾਦ ਦਿੰਦੇ ਹਨ ਕਿ ਉਨ੍ਹਾਂ ਦੀ ਆਪਣੀ ਇੰਟਰਨਲ ਵਿਜੀਲੈਂਸ ਵੱਲੋਂ ਇਹ ਘੁਟਾਲਾ ਫੜਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਗਈ ਹੈ।