ਰੂਪਨਗਰ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਮਾਈਨਿੰਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਮੌਨਸੂਨ ਸੀਜ਼ਨ ਦੇ ਚੱਲਦੇ 30 ਸਤੰਬਰ ਤੱਕ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਮਾਈਨਿੰਗ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਦੇ ਵਿੱਚ ਖੱਢਾ, ਦਰਿਆ ਚੋਆ, ਨਦੀ ਆਦਿ ਕਿਸੇ ਵੀ ਸਥਾਨ ਤੋਂ ਮਾਈਨਿੰਗ 30 ਸਤੰਬਰ ਤੱਕ ਬੰਦ ਰਹੇਗੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਮੁਖੀ, ਮਾਈਨਿੰਗ ਡਿਪਾਰਟਮੈਂਟ ਤੇ ਸਾਰੇ ਸਬੰਧਥ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜੇ ਕੋਈ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੂਪਨਗਰ ਜ਼ਿਲ੍ਹੇ ਦੇ ਵਿੱਚ ਗੈਰਕਾਨੂੰਨੀ ਮਾਈਨਿੰਗ ਧੜੱਲੇ ਨਾਲ ਹੋ ਰਹੀ ਸੀ ਜਿਸ ਦੇ ਖ਼ਿਲਾਫ਼ ਕਈ ਰਾਜਨੀਤਕ ਪਾਰਟੀਆਂ ਵੱਲੋਂ ਰੋਜ਼ਾਨਾ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ।