ਰੂਪਨਗਰ : ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਅੱਜ ਰੂਪਨਗਰ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਇਕ ਜਾਗਰੂਕਤਾ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰਾਹੀਂ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਪ੍ਰਚਾਰ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਜੋ ਬੱਚੇ ਕਿਸੇ ਕਾਰਣ ਕਰਕੇ ਕਰਕੇ ਸਕੂਲਾਂ ਤੋਂ ਵਾਂਝੇ ਰਹਿ ਜਾਂਦੇ ਹਨ, ਉਨ੍ਹਾਂ ਨੂੰ ਸਕੂਲਾਂ ਵਿੱਚ ਲਿਆਉਣ ਲਈ ਪਹਿਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 117 ਸਕੂਲ ਆਫ ਐਮੀਨੈਂਸ ਦਾ ਦਾਖਿਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਪੋਰਟਲ ਜ਼ਰੀਏ ਇਥੇ ਦਾਖਿਲਾ ਲਿਆ ਜਾ ਸਕਦਾ ਹੈ।
ਨਿੱਜੀ ਸਕੂਲਾਂ ਉੱਤੇ ਹੋਵੇਗੀ ਕਾਰਵਾਈ : ਹਰਜੋਤ ਬੈਂਸ ਨੇ ਕਿਹਾ ਕਿ ਆਪਣੀ ਮਿਹਨਤ ਦੀ ਕਮਾਈ ਨੂੰ ਨਿੱਜੀ ਸਕੂਲਾਂ ਵਿੱਚ ਬਰਬਾਦ ਕਰਨ ਦੀ ਥਾਂ ਲੋਕਾਂ ਨੂੰ ਅਪੀਲ ਹੈ ਕਿ ਬੱਚਿਆਂ ਦਾ ਦਾਖਿਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਤਾਂ ਜੋ ਉਨ੍ਹਾਂ ਦੇ ਭਵਿੱਖ ਦੀ ਗਰੰਟੀ ਮਿਲ ਸਕੇ। ਇਸਦੇ ਨਾਲ ਹੀ ਹਰਜੋਤ ਬੈਂਸ ਨੇ ਕਿਹਾ ਕਿ ਨਿਯਮਾਂ ਤੋਂ ਉਲਟ ਜਾਣ ਵਾਲੇ ਤੇ ਵਾਧੂ ਫ਼ੀਸਾਂ ਵਸੂਲਣ ਵਾਲੇ ਨਿੱਜੀ ਸਕੂਲਾਂ ਉੱਤੇ ਕਾਰਵਾਈ ਵੀ ਕੀਤੀ ਜਾਵੇਗੀ ਤੇ ਇਹ ਫ਼ੀਸਾਂ ਵਿਆਜ ਸਮੇਤ ਵਾਪਸ ਕਰਨੀਆਂ ਪੈਣਗੀਆਂ।
ਇਹ ਵੀ ਪੜ੍ਹੋ: Gurdwara Act 1925 Denotified: ਗੋਲਕ ਦੀ ਲੜਾਈ 'ਤੇ ਬਵਾਲ, ਗਿਆਨੀ ਹਰਪ੍ਰੀਤ ਸਿੰਘ ਅਤੇ SGPC ਪ੍ਰਧਾਨ ਦਾ ਵੱਡਾ ਬਿਆਨ
ਮੁੱਖ ਮੰਤਰੀ ਨੇ ਕੀਤਾ ਪੋਰਟਲ ਲਾਂਚ: ਯਾਦ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ ਸੀ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਤਕਰੀਬਨ ਇਕ ਮਹੀਨਾ ਪਹਿਲਾਂ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।