ਰੂਪਨਗਰ: ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ 25 ਤੋਂ 30 ਸਤੰਬਰ ਦਰਮਿਆਨ ਰੁਜ਼ਗਾਰ ਮੇਲਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰਪਾਲ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ। ਕੋਰੋਨਾ ਮਹਾਂਮਾਰੀ ਦੇ ਕਾਰਨ ਰੂਪਨਗਰ ਜ਼ਿਲ੍ਹੇ ਵਿੱਚ 6000 ਦੇ ਕਰੀਬ ਨੌਜਵਾਨਾਂ ਨੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਵਿੱਚ ਨੌਕਰੀ ਲਈ ਰਜਿਸਟਰ ਕਰਵਾਇਆ ਹੈ।
ਦੇਸ਼ ਦੁਨੀਆ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਕਾਰਨ ਆਰਥਿਕ ਵਿਵਸਥਾ 'ਤੇ ਭਾਰੀ ਅਸਰ ਪਿਆ ਹੈ। ਇਸ ਦੇ ਨਾਲ ਹੀ ਦੇਸ਼ ਦੇ ਵਿੱਚ ਬੇਰੁਜ਼ਗਾਰੀ ਦੀ ਦਰ ਦੇ ਵਿੱਚ ਵੀ ਵੱਡਾ ਵਾਧਾ ਦਰਜ ਹੋਇਆ ਹੈ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਹਿ ਅਤੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਜੰਗੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ।
ਇਸ ਕਾਰਜ ਲਈ ਸੂਬੇ ਭਰ ਦੇ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਵਿੱਚ ਮੁੱਖ ਵਪਾਰਕ ਅਦਾਰਿਆਂ ਦੇ ਪ੍ਰਤੀਨਿਧ ਸ਼ਾਮਲ ਹੋ ਕੇ ਬੇਰੁਜ਼ਗਾਰਾਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਕ ਨੌਕਰੀ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦੇ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ 24 ਤੋਂ 30 ਸਤੰਬਰ ਤੱਕ ਪੰਜਾਬ ਭਰ ਦੇ ਵਿੱਚ ਸਟੇਟ ਪੱਧਰ 'ਤੇ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ।
ਇਨ੍ਹਾਂ ਮੇਲਿਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਧਿਆਨ ਦੇ ਵਿੱਚ ਰੱਖਦੇ ਹੋਏ 3 ਤਰੀਕਿਆਂ ਨਾਲ ਇੰਟਰਵਿਊ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਵਰਚੁਅਲ ਮੇਲੇ ਜ਼ੂਮ ਐਪ ਰਾਹੀਂ ਕਰਵਾਏ ਜਾਣਗੇ। ਇਸ ਵਿੱਚ ਆਨਲਾਈਨ ਇੰਟਰਵਿਊ ਲਈ ਜਾਵੇਗੀ।