ਰੂਪਨਗਰ: ਸੂਬੇ ਭਰ ਵਿੱਚ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਦੇ ਵਿੱਚ ਪੈਨਸ਼ਨਰ ਅਤੇ ਪੀਐਸਈਬੀ ਇੰਪਲਾਈ ਫੈਡਰੇਸ਼ਨ ਦੇ ਮੈਂਬਰਾਂ ਵੱਲੋਂ ਧਰਨਾ ਪ੍ਰਦਰਸ਼ਨ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਨ੍ਹਾਂ ਦਾ ਦੋਸ਼ ਹੈ ਕਿ ਕੈਪਟਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਮੁਲਾਜ਼ਮਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਮੀਤ ਪ੍ਰਧਾਨ ਰਾਧੇ ਸ਼ਾਮ ਨੇ ਕਿਹਾ ਕਿ ਜਦੋਂ ਦੀ ਪੰਜਾਬ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਹੈ, ਉਸ ਦਿਨ ਤੋਂ ਹੀ ਇਨ੍ਹਾਂ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਥਾਂ ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਵੋਟਾਂ ਤੋਂ ਪਹਿਲਾ ਕਿਹਾ ਸੀ ਕਿ ਸਾਡੀ ਸਰਕਾਰ ਬਣਦੇ ਸਾਰ ਹੀ ਛੇਵੇਂ ਪੇਅ ਕਮਿਸ਼ਨ ਦੇ ਅਧੀਨ ਰਵੀਜ਼ਨ ਕਰਾਂਗਾ ਅਤੇ ਸਰਕਾਰ ਬਣਨ ਦੇ 2 ਮਹੀਨੇ ਦੇ ਅੰਦਰ-ਅੰਦਰ ਹੀ ਇਸ ਨੂੰ ਲਾਗੂ ਕਰ ਦਵਾਂਗਾ। ਪਰ ਕੈਪਟਨ ਸਰਕਾਰ ਨੇ ਉਸ ਨੂੰ ਖ਼ਤਮ ਕਰਕੇ ਹੁਣ ਪੰਜਾਬ ਦੇ ਵਿੱਚ ਕੇਂਦਰ ਸਰਕਾਰ ਨੇ ਨਵੇਂ ਪੇਅ ਸਕੇਲ ਦੇ ਅਧੀਨ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਗੱਲ ਆਖੀ ਹੈ, ਜੋ ਇਹ ਫ਼ੈਸਲਾ ਪੰਜਾਬ ਦੇ ਕਿਸੇ ਵੀ ਮੁਲਾਜ਼ਮ ਅਤੇ ਪੈਨਸ਼ਨਰ ਨੂੰ ਮਨਜ਼ੂਰ ਨਹੀਂ ਹੈ।
ਉਨ੍ਹਾਂ ਇਹ ਵੀ ਕਿਹਾ ਹੈ ਕਿ ਪੰਜਾਬ ਦੇ ਵਿੱਚ ਕਿੰਨੀਆਂ ਪੋਸਟਾਂ ਖਾਲੀ ਹੋ ਰਹੀਆਂ ਹਨ, ਪਰ ਕੈਪਟਨ ਸਰਕਾਰ ਵੱਲੋਂ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਭਰਤੀ ਕੀਤੀ ਵੀ ਜਾ ਰਹੀ ਹੈ ਤਾਂ ਉਨ੍ਹਾਂ ਨੂੰ 3 ਸਾਲ ਦੇ ਪ੍ਰੋਬੇਸ਼ਨਲ ਪੀਰੀਅਡ ਵਿੱਚ ਘੱਟ ਤਨਖ਼ਾਹ ਮਿਲ ਰਹੀ ਹੈ। ਰਾਧੇ ਸ਼ਾਮ ਨੇ ਕਿਹਾ ਕਿ ਸਾਡੀ ਕੈਪਟਨ ਸਰਕਾਰ ਤੋਂ ਮੰਗ ਹੈ ਕਿ ਜੋ ਵੋਟਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਪੂਰੇ ਪੰਜਾਬ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।