ਰੋਪੜ: ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਦਾ ਹਰ ਵਿਭਾਗ ਅਤੇ ਖਾਸ ਤੌਰ 'ਤੇ ਸਿਹਤ ਵਿਭਾਗ 24 ਘੰਟੇ ਜ਼ਮੀਨੀ ਪੱਧਰ 'ਤੇ ਡਿਊਟੀ ਲਈ ਤੱਤਪਰ ਹੈ। ਉੱਥੇ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਰੋਨਾ ਬਿਮਾਰੀ ਪ੍ਰਤੀ ਲੋਕਾਂ ਵਿੱਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਲੋਕਾਂ ਨੂੰ ਇਹ ਅਪੀਲ ਹੈ ਕਿ ਜੇਕਰ ਅਜਿਹਾ ਕੋਈ ਸਮਾਜ ਵਿਰੋਧੀ ਅਨਸਰ ਉਨ੍ਹਾਂ ਦੀ ਨਜ਼ਰ ਵਿੱਚ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।
ਇਸ ਸਬੰਧੀ ਜਨਤਾ ਨੂੰ ਅਪੀਲ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੋਪੜ ਵੱਲੋਂ ਜਾਰੀ ਬਿਆਨ ਰਾਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ’ਤੇ ਕੋਰੋਨਾ ਸਬੰਧੀ ਗੁੰਮਰਾਹਕੁੰਨ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ੋਸ਼ਲ ਮੀਡੀਆ ਰਾਹੀਂ ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।