ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਘਰਾਂ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਬੜੀ ਹੀ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ, ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਹਜ਼ੂਰੀ ਰਾਗੀਆਂ ਵੱਲੋਂ ਕੀਰਤਨ ਜਸ ਗਾ ਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਮੌਕੇ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ ਤੇ ਹੁਕਮਨਾਮਾ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਗੁਰਮਤਿ ਦੀ ਵਿਚਾਰ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਕੋਰੋਨਾ ਵਾਇਰਸ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਪੂਰਨ ਤੌਰ 'ਤੇ ਪਾਲਣਾ ਕੀਤੀ ਗਈ। ਸੰਗਤਾਂ ਵੱਲੋਂ ਸਮਾਜਿਕ ਦੂਰੀ ਦਾ ਪੂਰਨ ਰੂਪ ਵਿੱਚ ਧਿਆਨ ਰੱਖਿਆ ਗਿਆ। ਵੱਖ ਵੱਖ ਪਿੰਡਾਂ ਤੋਂ ਆਈ ਸੰਗਤ ਨੇ ਗੁਰਦੁਆਰਾ ਸਾਹਿਬ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ।