ਰੂਪਨਗਰ: ਪੰਜਾਬ ਅਤੇ ਗੁਆਂਢੀ ਸੂਬੇ ਹਿਮਾਚਲ ਵੀ ਭਾਰੀ ਮੀਂਹ ਪੈ ਰਿਹਾ ਹੈ ਅਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਕਾਰਨ ਸਤਲੁਜ ਦਰਿਆ ਅਤੇ ਹਿਮਾਚਲ ਤੋਂ ਆਉਣ ਵਾਲੇ ਸਵਾਂ ਨਦੀ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ।ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ, ਜਿਸ ਕਾਰਨ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਸ਼ਾਸ਼ਨ ਖੁਦ ਇਸ ਦੀ ਨਿਗਰਾਨੀ ਕਰ ਰਹੇ ਹਨ।
ਲੋਕਾਂ ਦੇ ਘਰਾਂ 'ਚ ਜਾ ਰਿਹਾ ਪਾਣੀ : ਪਿੰਡਾਂ ਵਿੱਚ ਪਾਣੀ ਵੜਨ ਦੇ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਜਾ ਰਿਹਾ ਹੈ। ਲੋਕਾਂ ਦਾ ਕੀਮਤੀ ਸਮਾਨ ਖਰਾਬ ਹੋ ਰਿਹਾ ਹੈ। ਕਿਸਾਨਾਂ ਦੀ ਫਸਲ ਵੀ ਬਰਬਾਦ ਹੋ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਤੋਂ ਵੀ ਝੱਲਣਾ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਵੀ ਅਗਲੇ ਕੁਝ ਦਿਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੀ ਬਿਨਾਂ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਿਕਲਣ ਦੀ ਹਿਦਾਇਤ ਦਿੱਤੀ ਗਈ ਹੈ। ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਏਰੀਏ ਵਿੱਚ ਸੜਕਾਂ ਨੂੰ ਅਤੇ ਪੁਲਾਂ ਨੂੰ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਵੀ ਇਸ ਪਾਸੇ ਆਉਣ ਜਾਣ ਵਾਲੀਆਂ ਗੱਡੀਆਂ ਨੂੰ ਸੁਰੱਖਿਅਤ ਰਸਤਿਆਂ ਵੱਲ ਭੇਜਿਆ ਜਾ ਰਿਹਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ। ਪ੍ਰਸ਼ਾਸਨ ਵੱਲੋਂ ਵੀ ਵਾਰ ਵਾਰ ਅਪੀਲ ਕੀਤੀ ਜਾਂਦੀ ਹੈ ਕਿ ਤੁਸੀਂ ਬਿਨਾਂ ਕਿਸੇ ਕੰਮ ਤੋਂ ਘਰਾਂ ਤੋਂ ਬਾਹਰ ਨਹੀਂ ਆਉਣਾ। ਖੁਦ ਪ੍ਰਸ਼ਾਸਨਿਕ ਅਧਿਕਾਰੀ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਲੋਕਾਂ ਨੂੰ ਜ਼ਰੂਰੀ ਸਮਾਨ ਅਤੇ ਹੋਰ ਚੀਜ਼ਾਂ ਮੁਹੱਈਆ ਕਰਵਾਈਆਂ ਜਾਣਗੀਆਂ।