ਰੂਪਨਗਰ: ਜੰਗਲਾਤ ਮਹਿਕਮੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਕਰਨ ਜੰਗਲਾਤ ਵਰਕਰ ਯੁਨੀਅਨ ਨੇ ਜੰਗਲਾਤ ਮਹਿਕਮੇ ਦੇ ਦਫ਼ਤਰ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਇਸ ਧਰਨੇ ਦੌਰਾਨ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਦੀ ਰੁੱਕੀ ਹੋਈ ਪਿਛਲੇ 4 ਮਹੀਨੇ ਦੀ ਤਨਖ਼ਾਹ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਨੇ 2016 ਵਿੱਚ ਉਨ੍ਹਾਂ ਨੂੰ ਪੱਕਾ ਕਰਨ ਦੀ ਗੱਲ ਆਖੀ ਸੀ ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ। ਹੁਣ ਸਰਕਾਰ ਆਪਣੀ ਗੱਲ ਤੋਂ ਪਿੱਛੇ ਹੱਟ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਲਾਗ ਵਿੱਚ ਉਨ੍ਹਾਂ ਨੂੰ ਪਿਛਲੇ 4 ਮਹੀਨੇ ਦੀ ਤਨਖ਼ਾਹ ਨਹੀਂ ਦਿੱਤੀ। ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਤਨਖ਼ਾਹ 10 ਹਜ਼ਾਰ ਪ੍ਰਤੀ ਮਹੀਨਾ ਹੈ ਜਿਸ ਵਿੱਚ ਘਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿੱਚ 27 ਅਜਿਹੇ ਮੁਲਾਜ਼ਮ ਹਨ ਜੋ ਕਿ ਸੂਬਾ ਸਰਕਾਰ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ।
ਉੱਥੇ ਮੌਜੂਦ ਇੱਕ ਧਰਨਾਕਾਰੀ ਨੇ ਕਿਹਾ ਕਿ ਉਹ ਆਪਣੇ ਘਰ ਦਾ ਗੁਜ਼ਾਰਾ ਦੁੱਧ ਵੇਚ ਕੇ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਦਿਨਾਂ ਤੋਂ ਜੰਗਲਾਤ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਲੱਗਾ ਰਹੇ ਹਨ ਪਰ ਅਜੇ ਤੱਕ ਕਿਸੇ ਵੀ ਸਿਆਸਤ ਦਾਨੀ, ਉੱਚ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ।
ਇਹ ਵੀ ਪੜ੍ਹੋ: ਵੋਟਰਾਂ ਨੂੰ ਡੀਸੀ ਸੁਨਾਲੀ ਗਿਰੀ ਦੀ ਅਪੀਲ