ਸ੍ਰੀ ਆਨੰਦਪੁਰ ਸਾਹਿਬ: ਜ਼ੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 14 ਫ਼ਰਵਰੀ 2019 ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪਿੰਡ ਰੋਲੀ ਨੂਰਪੁਰ ਬੇਦੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੀ ਯਾਦ ਵਿੱਚ ਯਾਦਗਾਰੀ ਮਾਰਗ ਅਤੇ ਗੇਟ ਦਾ ਨੀਂਹ ਪੱਥਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਰੱਖਿਆ ਗਿਆ।
ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਇਸ ਮੌਕੇ ਸਰਕਾਰ ਦਾ ਧੰਨਵਾਦ ਕੀਤਾ। ਉੱਥੇ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਰਕਾਰ ਵੱਲੋਂ ਕੀਤੇ ਗਏ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਪਰ ਅਜੇ ਇੱਕ ਵਾਅਦਾ ਜੋ ਕਿ ਬਿਜਲੀ ਮੁਆਫ਼ੀ ਦਾ ਹੈ, ਉਹ ਪੂਰਾ ਨਹੀਂ ਹੋਇਆ ਹੈ। ਇਸ ਦੇ ਸਬੰਧ ਵਿੱਚ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਦੇ ਨਾਲ ਵੀ ਗੱਲ ਕੀਤੀ ਹੈ।
ਇਸ ਮੌਕੇ ਬੋਲਦਿਆਂ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼ਹੀਦ ਕੁਲਵਿੰਦਰ ਸਿੰਘ ਦੀ ਸ਼ਹਾਦਤ ਦੇ ਨਾਲ ਪੰਜਾਬ ਅਤੇ ਰੋਪੜ ਜ਼ਿਲ੍ਹੇ ਦਾ ਨਾਂਅ ਰੌਸ਼ਨ ਹੋਇਆ ਹੈ। ਸ਼ਹੀਦ ਦੀ ਇਸ ਸ਼ਹਾਦਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰੇਰਨਾ ਲੈ ਸਕਣ ਇਸੇ ਲਈ ਇਸ ਯਾਦਗਾਰੀ ਗੇਟ ਅਤੇ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।