ਸ੍ਰੀ ਅਨੰਦਪੁਰ ਸਾਹਿਬ/ ਤਰਨਤਾਰਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਜਿੱਥੇ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਕਰਮਚਾਰੀਆਂ ਅਤੇ ਆਮ ਸੰਗਤ ਵੱਲੋਂ ਇਸ ਦਸਤਖ਼ਤ ਮੁਹਿੰਮ ਵਿਚ ਸ਼ਿਰਕਤ ਕੀਤੀ ਗਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਫਾਰਮ ਭਰੇ ਗਏ।
ਸਾਰੇ ਧਰਮਾਂ ਦੇ ਲੋਕਾਂ ਨੂੰ ਕੀਤੀ ਇਹ ਅਪੀਲ: ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਕੇਵਲ ਸਿੱਖਾਂ ਦਾ ਮਸਲਾ ਨਹੀਂ ਹੈ, ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਮਾਨਵਤਾ ਨੂੰ ਪਿਆਰ ਕਰਨ ਵਾਲੇ ਸਾਰੇ ਧਰਮਾਂ ਦੇ ਲੋਕ ਇਸ ਮੁਹਿੰਮ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਸਾਥ ਦੇਣ ਅਤੇ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਕਮੇਟੀ ਪ੍ਰਧਾਨ ਧਾਮੀ ਨੇ ਸਰਕਾਰਾਂ ਦੇ ਨਾਲ ਰੋਸ ਜਾਹਿਰ ਕਰਦਿਆਂ ਕਿਹਾ ਕਿ ਜੇਕਰ ਅਸੀਂ ਇਨਸਾਫ ਮੰਗਿਆ ਤਾਂ ਸਰਕਾਰਾਂ ਸਾਨੂੰ ਅਣਗੋਲਿਆਂ ਕਰ ਬੇਗਾਨਗੀ ਦਾ ਅਹਿਸਾਸ ਕਰਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਰਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਈ ਦਿੱਤੀ ਗਈ ਹੈ ਤੇ ਦੂਜੇ ਪਾਸੇ ਕਤਲ ਅਤੇ ਬਲਾਤਕਾਰ ਵਰਗੇ ਸੰਗੀਨ ਅਪਰਾਧਾਂ ਦੇ ਵਿਚ ਸਜ਼ਾ ਭੁਗਤ ਰਹੇ ਲੋਕਾਂ ਨੂੰ ਬਾਰ ਬਾਰ ਕਰੋ ਦਿੱਤੀ ਜਾ ਰਹੀ ਹੈ ਜੋ ਕਿ ਸਾਡੇ ਨਾਲ ਸਰਾਸਰ ਬੇਇਨਸਾਫ਼ੀ ਹੈ।
ਰਾਜਪਾਲ ਨੂੰ ਸੌਂਪਿਆ ਜਾਵੇਗਾ ਇਹ ਦਸਤਖ਼ਤ ਕੀਤੇ ਕਾਗਜ਼: ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਨੇ ਆਵਾਜ਼ ਚੁੱਕੀ ਹੈ ਤੇ ਹੁਣ ਜਦੋਂ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੋਂ ਉਪਰਲੇ ਪੱਧਰ ਤੱਕ ਲਿਜਾ ਕੇ ਇਸ ਨੂੰ ਕੌਮੀ ਮੁੱਦਾ ਬਣਾਇਆ ਜਾਵੇਗਾ ਤੇ ਦਸਖ਼ਤ ਕੀਤੇ ਇਹ ਕਾਗਜ਼ ਭਰ ਕੇ ਰਾਜਪਾਲ ਦੇ ਕੋਲ ਲੈ ਕੇ ਜਾਏ ਜਾਣਗੇ, ਤਾਂ ਬੰਦੀ ਸਿੰਘਾਂ ਦੀ ਰਿਹਾਈ ਜਲਦ ਸੰਭਵ ਹੋਵੇਗੀ। ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਮੁਦੇ ਨੂੰ ਅੰਤਰਰਾਸ਼ਟਰੀ ਹਿਊਮਨ ਰਾਈਟਸ ਦੇ ਸਾਹਮਣੇ ਵੀ ਰੱਖਿਆ ਜਾਵੇਗਾ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾਵੇਗਾ।
"ਦਾਸਤਾਨ ਏ ਸਰਹਿੰਦ ਫਿਲਮ ਨਹੀਂ ਚੱਲਣੀ ਚਾਹੀਦੀ": ਉੱਥੇ ਹੀ, ਦਾਸਤਾਨ ਏ ਸਰਹਿੰਦ ਫਿਲਮ ਦੇ ਰਿਲੀਜ਼ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀ ਨਰਾਜ਼ਗੀ ਸਰਕਾਰ ਨੂੰ ਕਿਹਾ ਕਿ ਇਹ ਫਿਲਮ ਕਿਸੇ ਵੀ ਸਿਨੇਮਾ ਘਰ ਦੇ ਵਿੱਚ ਨਹੀਂ ਲੱਗਣ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਿਲਮ ਨੂੰ ਬਣਾਉਣ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਮਨਜ਼ੂਰੀ ਨਹੀਂ ਲਈ ਤੇ ਫਿਲਮ ਦੇ ਵਿਚ ਗੁਰੂ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ ਨੂੰ ਦਿਖਾਇਆ ਗਿਆ ਹੈ, ਜੋ ਕਿ ਸਿੱਖਾਂ ਦੇ ਦਿਲਾਂ ਉੱਤੇ ਠੇਸ ਪਹੁੰਚਾਵੇਗੀ, ਇਸ ਲਈ ਇਹ ਫਿਲਮ ਨਹੀਂ ਚੱਲਣੀ ਚਾਹੀਦੀ ਹੈ।
ਤਰਨਤਾਰਨ ਦੇ ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਜੀ ਦਰਬਾਰ ਸਾਹਿਬ ਤੋਂ ਵੀ ਮੁਹਿੰਮ ਦੀ ਸ਼ੁਰੂਆਤ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਤਰਨਤਾਰਨ ਦੇ ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਐਸਜੀਪੀਸੀ ਮੈਂਬਰ ਅਰਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ ਹੇਠ ਦਸਤਖਤ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਇਸ ਮੌਕੇ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਵਿੱਤਕਰਾ ਕਰ ਰਹੀ ਹੈ। ਦੇਸ਼ ਵਿੱਚ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਆਪਣਾਏ ਜਾ ਰਹੇ ਹਨ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰੇ, SFJ ਮੁਖੀ ਗੁਰਪਤਵੰਤ ਪੰਨੂੰ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਧਮਕੀ !