ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਵੱਢਣ ਲਈ ਕੁਝ ਰਾਹਤ ਦਿੱਤੀ ਗਈ ਜਿਸ ਦੇ ਚੱਲਦਿਆਂ 15 ਅਪ੍ਰੈਲ ਤੋਂ ਕਣਕ ਦੀ ਵਾਢੀ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ 15 ਅਪ੍ਰੈਲ ਤੋਂ ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ, ਜਿਸ ਨੂੰ ਜ਼ਮੀਨੀ ਪੱਧਰ 'ਤੇ ਦੇਖਣ ਲਈ ਈਟੀਵੀ ਭਾਰਤ ਦੀ ਟੀਮ ਪਿੰਡਾਂ ਦੀਆਂ ਮੰਡੀਆਂ ਵਿੱਚ ਪਹੁੰਚੀ।
ਕਿਸਾਨਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਦੂਜੇ ਦਿਨ ਵੀ ਖ਼ਰੀਦ ਪ੍ਰਬੰਧ ਮੁਕੰਮਲ ਨਹੀਂ ਕੀਤੇ ਗਏ। ਖਰੀਦ ਸ਼ੁਰੂ ਹੋਣ ਦੇ ਦੂਜੇ ਦਿਨ ਵੀ ਪਿੰਡਾਂ ਦੀਆਂ ਮੰਡੀਆਂ ਵਿੱਚ ਸਰਕਾਰੀ ਅਧਿਕਾਰੀ ਨਹੀਂ ਪਹੁੰਚੇ ਅਤੇ ਨਾ ਹੀ ਹੋਰ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਹੋਰ ਤਾਂ ਹੋਰ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੇ ਵੀ ਪ੍ਰਬੰਧ ਨਹੀਂ ਕੀਤੇ ਗਏ।
ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਚੁੱਕੇ ਹਨ ਪਰ ਇਥੇ ਨਾ ਤਾਂ ਕੋਈ ਸਰਕਾਰੀ ਅਧਿਕਾਰੀ ਹੈ ਅਤੇ ਨਾ ਹੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਅਜੇ ਤਾਂ ਮੰਡੀਆਂ ਦੀ ਸਫ਼ਾਈ ਵੀ ਮੁਕੰਮਲ ਨਹੀਂ ਹੋਈ ਅਤੇ ਮੰਡੀਆਂ ਵਿੱਚ ਗੋਹਾ ਤੱਕ ਖਿੱਲਰਿਆ ਪਿਆ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਆਪਣੇ ਪੱਧਰ 'ਤੇ ਕਣਕ ਦੇ ਝਾਰ ਲਵਾਏ ਜਾ ਰਹੇ ਹਨ ਪਰ ਬਾਰਦਾਨਾ ਨਾ ਹੋਣ ਕਰਕੇ ਕਿਸਾਨਾਂ ਨੂੰ ਸਮੱਸਿਆ ਆ ਰਹੀ ਹੈ। ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਬਾਰਦਾਨੇ ਦਾ ਕੋਈ ਪ੍ਰਬੰਧ ਅਜੇ ਤੱਕ ਨਹੀਂ ਕੀਤਾ ਗਿਆ।
ਉਧਰ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰੀ ਦਾਅਵੇ ਬਿਲਕੁੱਲ ਠੁੱਸ ਹੋ ਗਏ ਹਨ। ਸਰਕਾਰ ਸਿਰਫ਼ ਡਰਾਮੇਬਾਜ਼ੀਆਂ ਕਰ ਰਹੀ ਹੈ। ਸਰਕਾਰ ਵੱਲੋਂ ਨਾ ਤਾਂ ਮੰਡੀਆਂ ਨੂੰ ਕੋਰੋਨਾ ਵਾਇਰਸ ਕਰਕੇ ਸੈਨੇਟਾਈਜ਼ਰ ਕੀਤਾ ਗਿਆ ਅਤੇ ਨਾ ਹੀ ਕਿਸੇ ਕਿਸਮ ਦੇ ਮਾਸਕ ਦੇ ਪ੍ਰਬੰਧ ਕੀਤੇ ਗਏ ਹਨ।
ਇਹ ਪ੍ਰਬੰਧ ਤਾਂ ਹੀ ਮੁਕੰਮਲ ਹੋ ਸਕਦੇ ਹਨ ਜੇਕਰ ਅਧਿਕਾਰੀ ਮੰਡੀਆਂ ਵਿੱਚ ਆਉਣਗੇ। ਅੱਜ ਦੂਜੇ ਦਿਨ ਵੀ ਕੋਈ ਅਧਿਕਾਰੀ ਮੰਡੀਆਂ ਵਿੱਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪ੍ਰਬੰਧ ਮੁਕੰਮਲ ਨਾ ਕੀਤੇ ਤਾਂ ਜਥੇਬੰਦੀ ਵੱਲੋਂ ਇਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।