ਰੋਪੜ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਹਾਊਸ ਦੋ ਰੋਜ਼ਾ ਸਲਾਨਾ ਖੇਡਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 46 ਲੱਖ ਪਰਿਵਾਰਾਂ ਨੂੰ ਸਲਾਨਾ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤਹਿਤ ਸੂਬੇ ਦੀ 75 ਫੀਸਦੀ ਅਬਾਦੀ ਨੂੰ ਕਵਰ ਕਰਕੇ ਲਗਭਗ 52 ਹਜ਼ਾਰ ਲਾਭਪਾਤਰੀਆਂ ਨੂੰ 67 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਇਲਾਜ ਕੀਤੇ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਇਹ ਸਕੂਲ ਵਿੱਚ ਪੜ੍ਹ ਕੇ ਕਈ ਵਿਦਿਆਰਥੀਆਂ ਨੇ ਡਾਕਟਰ, ਇੰਜੀਨੀਅਰ ਅਤੇ ਹੋਰ ਅਹੁਦੇ ਹਾਸਲ ਕਰ ਕੇ ਆਪਣੇ ਜੀਵਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸਕੂਲ ਨੋ ਪ੍ਰੋਫਿਟ ਨੋ ਲੌਸ ਉੱਤੇ ਚਲਾਏ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਦਾਹਰਣ ਦਿੰਦਿਆ ਕਿਹਾ ਕਿ ਵੱਡੀਆਂ-ਵੱਡੀਆਂ ਸਖੀਸ਼ਅਤਾ ਨੇ ਸਧਾਰਣ ਸਕੂਲਾਂ ਵਿੱਚ ਪੜ੍ਹ ਕੇ ਵੱਡੇ-ਵੱਡੇ ਅਹੁਦੇ ਹਾਸਲ ਕੀਤੇ ਹਨ। ਸਫਲਤਾ ਦਾ ਮੂਲਮੰਤਰ ਸਖ਼ਤ ਮਿਹਨਤ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਕੂਲ ਦਾ ਸਮਾਂ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਰ ਕਿਸੇ ਨੂੰ ਸਖ਼ਤ ਮਿਹਨਤ ਕਰਕੇ ਆਪਣੇ ਜੀਵਨ ਵਿੱਚ ਸਫਲਤਾ ਹਾਸਲ ਕਰਨੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਸਿਹਤ ਮੰਤਰੀ ਵੱਲੋਂ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।