ਅਨੰਦਪੁਰ ਸਾਹਿਬ : ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਦੂਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋ ਗਿਆ। ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਹੋਲੇ ਮਹੱਲੇ ਦੇ ਸਬੰਧ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਾਰਮਿਕ ਦੀਵਾਨ ਵੀ ਸ਼ੁਰੂ ਹੋ ਚੁੱਕੇ ਨੇ। ਉਨ੍ਹਾਂ ਦੱਸਿਆ ਕਿ 29 ਮਾਰਚ ਨੂੰ ਠੀਕ ਬਾਰਾਂ ਵਜੇ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘ ਕਰਨਗੇ ਤੇ ਚਰਨਗੰਗਾ ਸਟੇਡੀਅਮ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਘੋੜ ਸਵਾਰੀ ਗਤਕਾਬਾਜ਼ੀ ਦੇ ਜੌਹਰ ਦਿਖਾਉਣਗੀਆਂ। ਉਨ੍ਹਾਂ ਕਿਹਾ ਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਲਾਉਣ ਅਤੇ ਸੋਸ਼ਲ ਡਿਸਟੈਸਿੰਗ ਬਣਾ ਕੇ ਰੱਖੀ ਜਾਵੇ।