ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਲੇਬਰ ਦੀ ਕਾਫ਼ੀ ਸਮੱਸਿਆ ਆਈ ਸੀ। ਇਸ ਦੇ ਨਾਲ ਹੀ ਰੂਪਨਗਰ ਜ਼ਿਲ੍ਹੇ ਦੇ ਖੇਤੀਬਾੜੀ ਮਹਿਕਮੇ ਦੇ ਉੱਦਮ ਸਦਕਾ ਜ਼ਿਲ੍ਹੇ ਦੇ ਕਿਸਾਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਦਿਲਚਸਪੀ ਦਿਖਾਈ ਗਈ ਹੈ। ਇਸ ਵਾਰ ਰੂਪਨਗਰ ਜ਼ਿਲ੍ਹੇ 'ਚ 2000 ਹੈਕਟਰ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਦ ਕਿ ਪਿਛਲੇ ਸਾਲ ਸਿਰਫ਼ 35 ਹੈਕਟਰ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਰੂਪਨਗਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਵਤਾਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਉਨ੍ਹਾਂ ਨੂੰ ਕੁਝ ਅਹਿਮ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇੱਕ ਏਕੜ ਰਕਬੇ 'ਚ ਇੱਕ ਕਿਲੋ ਫੈਰਸ ਸਲਫੇਟ 100 ਲੀਟਰ ਪਾਣੀ 'ਚ ਮਿਲਾ ਕੇ 15-15 ਦਿਨਾਂ ਬਾਅਦ 2 ਵਾਰ ਸਪਰੇਅ ਕਰਨ, ਜਿਸ ਨਾਲ ਝੋਨੇ ਦੇ ਨਵੇਂ ਪੱਤੇ ਪੀਲੇ ਪੈਣ ਤੋਂ ਰੁਕ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਕਿਸਾਨ ਵੀਰ ਨੂੰ ਝੋਨੇ 'ਚ ਨਦੀਨਾਂ ਦੀ ਸਮੱਸਿਆ ਆ ਰਹੀ ਹੈ ਤਾਂ ਉਹ ਰੂਪਨਗਰ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਤੇ ਉਨ੍ਹਾਂ ਦੇ ਅਧਿਕਾਰੀਆਂ ਦੇ ਨਾਲ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।