ਰੋਪੜ: ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿਵਿਆਂਗ ਪ੍ਰਾਰਥੀਆਂ ਨੂੰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਸਬੰਧੀਂ ਬੀਤੇ ਦਿਨੀ ਰਾਜ ਪੱਧਰੀ ਸਮਾਗਮ ਦੌਰਾਨ ਭਰਪੂਰ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦਸਿਆ ਕਿ ਕੋਈ ਵੀ ਦਿਵਿਆਂਗ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਆ ਕੇ ਆਪਣਾ ਨਾਂਅ ਦਰਜ ਕਰਵਾ ਸਕਦਾ ਹੈ। ਇਸਦੇ ਤਹਿਤ ਉਨ੍ਹਾਂ ਨੂੰ ਨੌਕਰੀ ਦੇ ਵੱਖ-ਵੱਖ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਆਪਣੀ ਅਪੰਗਤਾ ਨੂੰ ਅਗਲੇਰੀ ਪੜ੍ਹਾਈ ਵਿੱਚ ਰੁਕਾਵਟ ਨਾ ਸਮਝਣ ਅਤੇ ਉਨ੍ਹਾਂ ਨੂੰ ਪੜ੍ਹਾਈ ਜਾਰੀ ਰੱਖਣੀ ਚਾਹੀਦੀ ਹੈ। ਉਮੀਦਵਾਰਾਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਤਾਂ ਜ਼ੋ ਉਹ ਆਪਣਾ ਕੰਮ ਸ਼ੁਰੂ ਕਰਕੇ ਆਤਮ-ਨਿਰਭਰ ਹੋ ਸਕਣ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਾਰੇ ਵਿਭਾਗਾਂ ਵੱਲੋਂ ਆਪਣੀਆ ਸਟਾਲਾਂ/ਬੈਨਰ ਲਗਾਕੇ ਸਕੀਮਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਲਾਈ ਮਸ਼ੀਨਾਂ ਅਤੇ ਰਹਿੰਦ ਤੋਂ ਉਤਪਾਦ ਕੀਤੇ ਪਦਾਰਥਾਂ ਦਾ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਬੱਧਿਰ ਵਿਦਿਆਲਾ (ਗੂੰਗੇ ਬੋਲੇ ਬੱਚਿਆਂ ਦੇ ਸਕੂਲ) ਵੱਲੋਂ ਬਣਾਏ ਗਏ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਜ਼ਿਲ੍ਹਾ ਅੰਗਹੀਣ ਪੁਨਰਵਾਸ ਕੇਂਦਰ ਵੱਲੋਂ ਬਨਾਉਟੀ ਅੰਗਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਇਲਾਵਾ ਅੰਬੂਜ਼ਾ ਮਨੋਵਿਕਾਸ ਕੇਂਦਰ ਵੱਲੋਂ ਹੱਥ ਨਾਲ ਬਣਾਏ ਗਹਿਣੇ, ਕੁਸ਼ਨ, ਕਵਰ ਅਤੇ ਮੂਰਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਅਯੋਗ ਪ੍ਰਾਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ।