ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਪ੍ਰਬੰਧਕੀ ਕੰਪਲੈਕਸ 'ਚ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਅਗਵਾਈ 'ਚ ਹੜ੍ਹਾਂ ਦੇ ਸ਼ੰਭਾਵਿਤ ਖ਼ਤਰੇ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਐਸਐਸਪੀ ਸਵਪਨ ਸ਼ਰਮਾ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਏ।
ਇਸ ਮੀਟਿੰਗ 'ਚ ਰੂਪਨਗਰ ਵਿੱਚ ਮੀਂਹ ਦੇ ਦਿਨਾਂ ਦੌਰਾਨ ਆਉਣ ਵਾਲੇ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਵਾਸਤੇ ਤੇ ਉਸ ਸਬੰਧੀ ਜ਼ਰੂਰੀ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਵੀ ਹੜ੍ਹ ਆਉਂਦੇ ਹਨ ਤਾਂ ਉਸ ਸਮੇਂ ਦੌਰਾਨ ਜਾਨੀ ਮਾਲੀ ਨੁਕਸਾਨ ਬਹੁਤ ਹੁੰਦਾ ਹੈ, ਜਿਸ ਨੂੰ ਰੋਕਣ ਲਈ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਪ੍ਰਭਾਵਿਤ ਇਲਾਕਿਆਂ 'ਚੋਂ ਲੋਕਾਂ ਨੂੰ ਤੇ ਉਨ੍ਹਾਂ ਦੇ ਸਮਾਨ ਨੂੰ ਕੱਢਣ ਲਈ ਕਿਸ਼ਤੀਆਂ ਦੀ ਲੋੜ ਪੈਂਦੀ ਹੈ, ਉਸ ਸਬੰਧੀ ਐਸਟੀਮੇਟ ਖ਼ਰਚਾ ਬਣਾ ਕੇ ਦਿੱਤਾ ਜਾਵੇ ਤਾਂ ਜੋ ਐੱਮਪੀ ਆਪਣੇ ਫੰਡ ਵਿੱਚੋਂ ਪ੍ਰਸ਼ਾਸਨ ਨੂੰ ਇਸ ਬਾਰੇ ਰਾਸ਼ੀ ਦੇ ਸਕਣ।
ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਤੋਂ ਪਹਿਲਾਂ ਐਨਡੀਆਰਐਫ ਦੀਆਂ ਟੀਮਾਂ ਨਾਲ ਪਹਿਲਾਂ ਹੀ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਜਾਵੇ ਤਾਂ ਜੋ ਉਨ੍ਹਾਂ ਨਾਲ ਤਾਲਮੇਲ ਬਣਾਇਆ ਜਾ ਸਕੇ। ਸੰਸਦ ਤਿਵਾੜੀ ਨੇ ਅਧਿਕਾਰੀਆਂ ਨੂੰ ਕਿਹਾ ਜਿਵੇਂ ਹਿਮਾਚਲ ਪ੍ਰਦੇਸ਼ ਨੇ ਆਪਣੇ ਨਦੀਆਂ ਨੂੰ ਚੈਨਲਾਈਜ਼ ਕੀਤਾ ਹੋਇਆ ਹੈ, ਉਸੇ ਤਰ੍ਹਾਂ ਹੀ ਜ਼ਿਲ੍ਹੇ ਵਿੱਚ ਜਿਹੜੀਆਂ ਨਦੀਆਂ ਨਹਿਰਾਂ ਰਾਹੀਂ ਹੜ੍ਹ ਦੀ ਸੰਭਾਵਨਾ ਹੁੰਦੀ ਹੈ, ਉਨ੍ਹਾਂ ਨੂੰ ਸਹੀ ਤਰੀਕੇ ਨਾਲ ਚੈਨਲਾਈਜ਼ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਜਿਹੜੇ ਪਿੰਡਾਂ ਵਿੱਚ ਵੱਧ ਪਾਣੀ ਆਉਂਦਾ ਹੈ, ਉੱਥੇ ਦੀਆਂ ਪੰਚਾਇਤਾਂ ਨੂੰ ਪਿੰਡਾਂ ਵਾਲਿਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਇਲਾਕਿਆਂ 'ਤੇ ਬੰਨ੍ਹ ਹੋਰ ਮਜ਼ਬੂਤ ਕੀਤੇ ਜਾਣ ਚਾਹੀਦੇ ਹਨ ਤੇ ਉਨ੍ਹਾਂ ਨੂੰ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਤੋਂ ਪਹਿਲਾਂ ਹੀ ਜਾਣੂ ਕਰਵਾਇਆ ਜਾਵੇ।