ਰੂਪਨਗਰ: ਕੌਮਾਂਤਰੀ ਬਜ਼ਾਰ ਵਿੱਚ ਲਗਾਤਾਰ ਕੱਚੇ ਤੇਲ ਕੀਮਤਾਂ ਘੱਟ ਰਹੀਆਂ ਹਨ। ਇਸ ਦੇ ਬਾਵਜੂਦ ਦੇਸ਼ ਵਿੱਚ ਭਾਜਪਾ ਸਰਕਾਰ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ। ਜੋ ਕੇ ਦੇਸ਼ ਵਾਸੀਆਂ ਦੇ ਹਿੱਤ ਵਿੱਚ ਨਹੀਂ ਹੈ। ਇਹ ਵਿਚਾਰ ਸ੍ਰੀ ਅੰਨਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਈਟੀਵੀ ਭਾਰਤ ਨਾਲ ਸਾਂਝੇ ਕੀਤੇ ਹਨ।
ਉਨ੍ਹਾਂ ਕਿਹਾ ਦੇਸ਼ ਵਿੱਚ ਲਗਾਤਾਰ ਤੇਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਜਿਸ ਨਾਲ ਆਮ ਲੋਕਾਂ 'ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕੋਰੋਨਾ ਮਹਾਂਮਾਰੀ ਨੇ ਦੇਸ਼ ਦੇ ਹਰ ਇੱਕ ਵਿਅਕਤੀ ਨੂੰ ਪ੍ਰਭਾਵਿਤ ਕੀਤਾ ਹੈ। ਹਰ ਵਰਗ ਕੋਰੋਨਾ ਕਾਰਨ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ। ਇਸ ਵਿੱਚ ਕੇਂਦਰ ਸਰਕਾਰ ਦੁਆਰਾ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਸਕੰਟ ਦੇ ਦੌਰ ਵਿੱਚ ਕੇਂਦਰ ਸਰਕਾਰ ਨੂੰ ਆਮ ਲੋਕਾਂ ਦੀ ਰਾਹਤ ਦੇਣੀ ਚਾਹੀਦੀ ਹੈ ਤਾਂ ਜੋ ਪਹਿਲਾ ਹੀ ਮੰਦੀ ਦੀ ਮਾਰ ਝੱਲ ਰਹੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ।
ਤੁਹਾਨੂੰ ਦੱਸ ਦਈਏ ਕਿ ਲਗਾਤਾਰ 10 ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 16 ਜੂਨ ਨੂੰ ਵੀ ਸਰਕਾਰ ਨੇ ਪੈਟਰੋਲ ਵਿੱਚ 47 ਅਤੇ ਡੀਜ਼ਲ ਵਿੱਚ 57 ਪੈਸੇ ਦਾ ਵਾਧਾ ਕੀਤਾ ਹੈ। ਸਰਕਾਰ ਨੂੰ ਆਪਣੇ ਇਨ੍ਹਾਂ ਫ਼ੈਸਲਿਆਂ ਕਾਰਨ ਲਗਾਤਾਰ ਸਿਆਸੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।