ਰੂਪਨਗਰ : ਸਾਲ 2015 'ਚ ਬਾਦਲ ਸਰਕਾਰ ਦੇ ਸਮੇਂ ਹੋਏ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੀ ਐਸਆਈਟੀ ਟੀਮ ਨੂੰ ਦੇ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਅੰਮ੍ਰਿਤਸਰ ਮਾਨ ਧੜੇ (ਸ਼੍ਰੋਮਣੀ ਅਕਾਲੀ ਦਲ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਬਾਰੇ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਭਾਗੋਵਾਲ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ 'ਚ ਉਹ ਸੀਬੀਆਈ ਵੱਲੋਂ ਕੀਤੀ ਗਈ ਜਾਂਚ 'ਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਆਖਿਆ ਕਿ ਇਹ ਮਾਮਲਾ ਕੇਂਦਰੀ ਜਾਂਚ ਏਜੰਸੀ ਨੂੂੰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਸੌਂਪੀ ਗਈ ਸੀ, ਪਰ ਸੀਬੀਆਈ ਵੱਲੋਂ ਇਹ ਜਾਂਚ ਸਹੀ ਤਰੀਕੇ ਨਾਲ ਨਹੀਂ ਕੀਤੀ ਗਈ। ਸੀਬੀਆਈ ਨੇ ਜਾਂਚ ਦੇ ਦੌਰਾਨ ਕੁਝ ਮਹੱਤਵਪੂਰਨ ਪਹਿਲੂਆਂ ਦੀ ਅਣਦੇਖੀ ਕੀਤੀ ਹੈ ਸਗੋਂ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਕਿਉਂਕਿ ਬੇਅਦਬੀ ਕਾਂਡ ਦੇ ਸਮੇਂ ਅਕਾਲੀ-ਭਾਜਪਾ ਦੀ ਸਰਕਾਰ ਸੀ ਤੇ ਹੁਣ ਵੀ ਕੇਂਦਰ 'ਚ ਭਾਜਪਾ ਦੀ ਸਰਕਾਰ ਹੈ, ਇਸ ਲਈ ਉਨ੍ਹਾਂ ਨੂੰ ਸੀਬੀਆਈ ਜਾਂਚ ਰਾਹੀਂ ਇਨਸਾਫ ਮਿਲਣ ਦੀ ਉਮੀਦ ਨਹੀਂ ਹੈ।
ਉਨ੍ਹਾਂ ਆਖਿਆ ਕਿ ਬਾਅਦ 'ਚ ਇਹ ਜਾਂਚ ਸੀਨੀਅਰ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦੀ ਅਗੁਵਾਈ 'ਚ ਐਸਆਈਟੀ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਐਸਆਈਟੀ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਇਸ ਮਾਮਲੇ 'ਚ ਕਈ ਸਿਆਸੀ ਆਗੂਆਂ ਦੇ ਨਾਂਅ ਸਾਹਮਣੇ ਆਏ ਹਨ। ਉਨ੍ਹਾਂ ਸੀਬੀਆਈ ਵੱਲੋਂ ਐਸਆਈਟੀ ਦੀ ਜਾਂਚ ਬੰਦ ਕਰਵਾਉਣ ਲਈ ਕੋਰਟ 'ਚ ਦਾਖਲ ਕੀਤੀ ਗਈ ਪਟੀਸ਼ਨ ਦਾ ਵਿਰੋਧ ਕੀਤਾ ਹੈ।