ਰੂਪਨਗਰ: 71ਵੇਂ ਗਣਤੰਤਰ ਦਿਵਸ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਇਸ ਸਬੰਧ ਵਿੱਚ ਸ਼ਹਿਰ ਦੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਫੁੱਲ ਡਰੈਸ ਰਿਹਰਸਲ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਪ੍ਰੇਡ ਤੋਂ ਸਲਾਮੀ ਲਈ। ਸਮੁੱਚੀ ਪਰੇਡ ਦੀ ਅਗਵਾਈ ਰਵੀ ਕੁਮਾਰ ਏ.ਐਸ.ਪੀ. ਵੱਲੋਂ ਕੀਤੀ ਗਈ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਥੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਵਲੋਂ ਗਿੱਧਾ ਤੇ ਨਹਿਰੂ ਯੁਵਾ ਕੇਂਦਰ ਵਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਮਾਰਚ ਪਾਸਟ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਦੀਆਂ ਟੁਕੜੀਆਂ ਨੇ ਵੀ ਭਾਗ ਲਿਆ।
ਡਿਪਟੀ ਕਮਿਸ਼ਨਰ ਨੇ ਇਸ ਉਪਰੰਤ ਨਹਿਰੂ ਸਟੇਡੀਅਮ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸੋਂਪੀਆਂ ਜਿੰਮੇਵਾਰੀਆਂ ਨੂੰ ਨਿਭਾਉਣ ਬਾਰੇ ਦੱਸਿਆ ਗਿਆ। ਡੀਸੀ ਨੇ ਕਿਹਾ ਕਿ ਇਹ ਸਮਾਗਮ ਰਾਸ਼ਟਰੀ ਮਹੱਤਵ ਦਾ ਸਮਾਗਮ ਹੈ ਇਸ ਸਮਾਗਮ ਵਿੱਚ ਕਿਸੇ ਵਿਭਾਗ ਵਲੌਂ ਕੀਤੀ ਗਈ ਅਣਗਹਿਲੀ ਅਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਖ਼ਜ਼ਾਨਾ ਭਰਨ ਲਈ ਕੈਪਟਨ ਸਰਕਾਰ ਨੇ ਮੰਤਰੀਆਂ 'ਤੇ ਲਾਈ ਲਗਾਮ
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਧੀਨ ਕੰਮ ਕਰ ਰਹੇ ਸਮੂਹ ਸਟਾਫ ਤੇ ਕਰਮਚਾਰੀਆਂ ਦੀ ਹਾਜਰੀ ਨੂੰ ਇਸ ਸਮਾਗਮ ਵਿੱਚ ਯਕੀਨੀ ਬਨਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਖੇਡ ਅਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ ਮਾਮਲੇ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ ਤੇ ਪਰੇਡ ਤੋਂ ਸਲਾਮੀ ਲੈਣਗੇ।