ਸ੍ਰੀ ਅਨੰਦਪੁਰ ਸਾਹਿਬ : ਹਰ ਸਾਲ ਦੀ ਤਰ੍ਹਾਂ ਹੋਲਾ ਮੁਹੱਲਾ ਇਸ ਵਾਰ 14 ਮਾਰਚ ਤੋਂ 19 ਮਾਰਚ ਤੱਕ ਮਨਾਇਆ ਜਾਵੇਗਾ। ਇਹ ਪੁਰਬ ਤਿੰਨ ਦਿਨ ਕੀਰਤਪੁਰ ਸਾਹਿਬ ਮਨਾਇਆ ਜਾਵੇਗਾ ਅਤੇ ਉਸ ਤੋਂ ਅਗਲੇ ਤਿੰਨ ਦਿਨ ਅਨੰਦਪੁਰ ਸਾਹਿਬ ਮਨਾ ਕੇ ਇਸ ਦੀ ਸਮਾਪਤੀ ਕੀਤੀ ਜਾਵੇਗੀ।
ਇਸ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਉਚੇਰੇ ਨਿਰਦੇਸ਼ ਦਿੱਤੇ ਹਨ।
ਇਸ ਮੌਕੇ ਉਨ੍ਹਾਂ ਨੇ 14 ਤੋ 19 ਮਾਰਚ ਤੱਕ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪੈਂਦੇ ਸਮੂਹ ਮੈਰਿਜ ਪੈਲਿਸ ਅਤੇ ਪੈਟਰੋਲ ਪੰਪਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।
ਜ਼ਿਲ੍ਹਾ ਮੈਜਿਸਟ੍ਰੇਟ ਵਲੋ ਜਾਰੀ ਆਦੇਸ਼ ਅਨੁਸਾਰ ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ 'ਤੇ ਜਾਰੀ ਕੀਤਾ ਗਿਆ ਹੈ। ਹੋਲਾ ਮੁਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ 'ਚ 14 ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ।
ਇਸ ਮੇਲੇ 'ਚ ਲੱਖਾਂ ਦੀ ਤਾਦਾਦ 'ਚ ਦੇਸ਼ ਵਿਦੇਸ਼ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ। ਪ੍ਰਸਾਸ਼ਨ ਦੇ ਧਿਆਨ 'ਚ ਆਇਆ ਹੈ ਕਿ ਮੈਰਿਜ ਪੈਲਿਸ ਅਤੇ ਪੈਟਰੋਲ ਪੰਪਾਂ 'ਤੇ ਸੀ.ਸੀ.ਟੀ.ਵੀ ਕੈਮਰੇ ਨਹੀ ਲੱਗੇ ਹੋਏ ਹਨ, ਜਿਸ ਕਾਰਨ ਕੋਈ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਆਮ ਜਨਤਾ ਵਿਚ ਸ਼ਾਂਤੀ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ ਸੈਂਟਰਲ ਹਲਕੇ ਤੋਂ ਵੋਟਾਂ ਤੋਂ ਬਾਅਦ "ਹੁਣ ਅੱਗੇ ਕੀ"