ਰੋਪੜ: ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦਾ ਆਗਾਜ਼ ਹੋ ਚੁੱਕਾ ਹੈ ਅਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਜਾ ਰਿਹਾ। ਇਸ ਮੌਕੇ ਜਿੱਥੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਖ਼ਾਲਸੇ ਦੇ ਕੌਮੀ ਤਿਉਹਾਰ ਦੀ ਸੰਗਤ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਹੋਲਾ-ਮਹੱਲਾ ਦੀ ਸ਼ੁਰੂਆਤ ਮੌਕੇ ਐੱਸਜੀਪੀਸੀ ਵੱਲੋਂ ਕਾਨਫਰੰਸ ਕੀਤੀ ਜਾਂਦੀ ਹੈ ਅਤੇ ਇਸ ਵਾਰ ਦੀ ਕਾਨਫਰੰਸ ਬੰਦੀ ਸਿੰਘਾਂ ਨੂੰ ਸਮਰਪਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀ ਦਸਤਖ਼ਤੀ ਮੁਹਿੰਮ ਵਿੱਚ ਵੀ ਹੋਲਾ-ਮਹੱਲਾ ਉੱਤੇ ਇੱਕ ਲੱਖ ਸੰਗਤ ਦੇ ਹਸਤਾਖ਼ਰ ਕਰਵਾ ਕੇ ਅੱਗੇ ਭੇਜੇਗੀ।
ਬਜਟ ਤੋਂ ਨਹੀਂ ਕੋਈ ਆਸ: ਇਸ ਮੌਕੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਕਰਜ਼ਈ ਹੈ ਅਤੇ ਮੌਜੂਦਾ ਸਮੇਂ ਵਿੱਚ ਸੀਐੱਮ ਭਗਵੰਤ ਮਾਨ ਦੀ ਸਰਕਾਰ ਨੇ ਸਿਰਫ਼ ਇਸ਼ਤਿਹਾਰਾਂ ਅਤੇ ਬੇਲੋੜੀਆਂ ਚੀਜ਼ਾ ਲਈ ਕਰੋੜਾਂ ਰੁਪਏ ਦਾ ਹੋਰ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਕਰਜ਼ਈ ਪੰਜਾਬ ਸਰਕਾਰ ਦੇ ਬਜਟ ਤੋਂ ਜਨਤਾ ਨੂੰ ਕੋਈ ਵੀ ਆਸ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਖੁੱਦ ਕਿੰਨ੍ਹੀ ਵਾਰ ਖ਼ਾਲੀ ਬਜਟ ਦਾ ਰੋਣਾ ਰੋ ਚੁੱਕੀ ਹੈ ਅਤੇ ਕੇਂਦਰ ਤੋਂ ਮਦਦ ਵੀ ਮੰਗ ਚੁੱਕੀ ਹੈ। ਉਨ੍ਹਾਂ ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ਪਹਿਲਾਂ ਹੀ ਹਾਸ਼ੀਏ ਉੱਤੇ ਹੈ ਅਤੇ ਹੁਣ ਕੇਂਦਰ ਨੇ ਅੰਮ੍ਰਿਤਸਰ ਵਿੱਚ ਹੋ ਰਹੇ ਜੀ 20 ਸੰਮੇਲਨ ਦੌਰਾਨ ਕੇਂਦਰੀ ਕੰਪਨੀਆਂ ਤਾਇਨਾਤ ਕਰਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਉੱਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਨਾਲ ਮੁੱਖ ਮੰਤਰੀ ਪੰਜਾਬ ਬੱਚਿਆਂ ਦੀ ਤਰ੍ਹਾਂ ਝਗੜ ਰਹੇ ਨੇ ਜਿਸ ਦਾ ਸੂਬੇ ਨੂੰ ਨੁਕਸਾਨ ਹੋ ਰਿਹਾ ਹੈ।
ਅੰਮ੍ਰਿਤਪਾਲ ਉੱਤੇ ਬਿਆਨ: ਅਜਨਾਲਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਐਕਸ਼ਨ ਉੱਤੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੁਨੀਆਂ ਦਾ ਕੋਈ ਵੀ ਇਨਸਾਨ ਹੋਵੇ ਉਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਜ਼ਰੂਰੀ ਅਤੇ ਅੰਮ੍ਰਿਤਪਾਲ ਦੇ ਐਕਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਜਾਂ ਨਹੀਂ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਅਤੇ ਜਾਂਚ ਮਗਰੋਂ ਜੋ ਵੀ ਸਾਹਮਣੇ ਆਵੇਗਾ ਉਸ ਸਭ ਨੂੰ ਮਨਜ਼ੂਰ ਹੋਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਨੌਜਵਾਨ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਨਸ਼ੇ ਦੇ ਕੌੜ ਤੋਂ ਦੂਰ ਕੀਤਾ ਜਾ ਰਿਹਾ ਉਸ ਦੀ ਸਾਰੇ ਸ਼ਲਾਘਾ ਕਰ ਰਹੇ ਨੇ।