ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨਮੰਤਰੀ ਰਾਜੀਵ ਗਾਂਧੀ ਦੇ ਜਯੰਤੀ ਮੌਕੇ ਬੇਜ਼ਮੀਨੇ ਕਿਸਾਨਾਂ ਨੂੰ ਸੌਗਾਤ ਦਿੱਤੀ ਗਈ ਹੈ। ਦੱਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਰਜ਼ਾ ਮੁਆਫੀ ਸਕੀਮ ਦੇ ਪੰਜਵੇ ਗੇੜ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵੱਡੀ ਗਿਣਤੀ ’ਚ ਬੇਜ਼ਮੀਨੇ ਕਿਸਾਨਾਂ ਦਾ ਕਰਜਾ ਮੁਆਫ ਕੀਤਾ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਦਸ਼ਮੇਸ਼ ਅਕਾਦਮੀ ਵਿਖੇ ਇਸਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਬੇਜ਼ਮੀਨੇ ਕਿਸਾਨਾਂ ਤੇ ਖੇਤੀ ਕਾਮਿਆਂ ਨੂੰ ਤਕਰੀਬਨ 520 ਕਰੋੜ ਰੁਪਏ ਕਰਜ਼ੇ ਤੋਂ ਰਾਹਤ ਦਿੱਤੀ ਜਾਵੇਗੀ। ਜਿਸ ਨਾਲ 2.85 ਬੇਜ਼ਮੀਨੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਸਿੱਧੇ ਤੌਰ ’ਤੇ ਫਾਇਦਾ ਹੋਵੇਗਾ।
ਇਹ ਵੀ ਪੜੋ: ਕੈਪਟਨ ਦਾ ਮੰਤਰੀਆਂ ਨੂੰ ਨਵਾਂ ਫਰਮਾਨ
ਪੰਜਾਬ ਸਰਕਾਰ ਵੱਲੋਂ ਰਾਜੀਵ ਗਾਂਧੀ ਜਯੰਤੀ ਮੌਕੇ ਖੇਤ ਮਜ਼ਦੂਰਾ ਨੂੰ ਇਹ ਵੱਡਾ ਤੋਹਫਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਰਾਹਤ ਦੇਣਾ ਚਾਹੁੰਦੀ ਹੈ, ਜਿਸਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਲਾਭਪਾਤਰੀਆਂ ਨੂੰ ਉਨ੍ਹਾਂ ਨੂੰ ਸਬੰਧਤ ਜ਼ਿਲ੍ਹਿਆਂ ਚ ਚੈੱਕ ਮੁਹੱਈਆ ਕਰਵਾਏ ਜਾਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 31 ਜੁਲਾਈ, 2017 ਤੱਕ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਸਹਿਕਾਰੀ ਕਰਜ਼ਿਆਂ ਦੀ ਮੁੱਖ ਰਕਮ ਦੇ ਸੰਬੰਧ ਵਿੱਚ 520 ਕਰੋੜ ਰੁਪਏ ਦੇ ਕਰਜ਼ੇ ਅਤੇ 7.00% ਸਾਧਾਰਨ ਵਿਆਜ 'ਤੇ 6 ਮਾਰਚ, 2019 ਤੱਕ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜ਼ੇ (ਹਰੇਕ ਫਸਲੀ ਕਰਜ਼ੇ ਦੇ 2 ਲੱਖ ਰੁਪਏ ਤੱਕ) ਨੂੰ ਮੁਆਫ ਕੀਤਾ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਦਿੱਲੀ ਦੀ ਸਰਹੱਦਾਂ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹੈ। ਮੁੱਖਮੰਤਰੀ ਨੇ ਇਸ ਦੌਰਾਨ ਇਹ ਵੀ ਸਪਸ਼ੱਟ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਦੁਆਰਾ ਚੁੱਕੇ ਗਏ ਵਤੀਰੇ ਤੋਂ ਸਹਿਮਤ ਨਹੀਂ ਹਨ ਕੇਂਦਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ ਹੈ ਜੋ ਕਿ ਗਲਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਤਿੰਨ ਖੇਤੀ ਕਾਨੂੰਨਾਂ ਵਾਪਸ ਲੈਣ ਸਬੰਧੀ ਅਪੀਲ ਕੀਤੀ ਜਾ ਚੁੱਕੀ ਹੈ।
ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਕਿਉਂਕਿ ਰਾਸ਼ਟਰੀ ਰਾਜਧਾਨੀ ਚ ਸਾਰਿਆ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਵਿਰੋਧ ਇੱਕ ਲੋਕਤੰਤਰਿਕ ਅਧਿਕਾਰ ਹੈ। ਇਹ ਛੋਟੇ ਕਿਸਾਨ ਆਪਣੇ ਲਈ ਨਹੀਂ ਬਲਕਿ ਆਪਣੀ ਆਉਣ ਵਾਲੀ ਪੀੜੀਆਂ ਲਈ ਲੜ ਰਹੇ ਹਨ। ਉਨ੍ਹਾਂ ਨੇ ਮੁੜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੀ ਗੱਲਬਾਤ ਸੁਣ ਕੇ ਖੇਤੀ ਕਾਨੂੰਨਾਂ ਨੂੰ ਬਦਲਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕਿਹਾ ਕਿ 2017 ਚ ਵਨ ਟਾਈਮ ਸੈਟਲਮੈਂਟ ਪਾਲਿਸੀ ਲਿਆਂਦੀ ਗਈ ਹੈ। ਉਨ੍ਹਾਂ ਵੱਲੋਂ ਛੋਟੇ ਕਿਸਾਨਾਂ ਦਾ 470 ਕਰੋੜ ਰੁਪਏ ਤੱਕ ਦਾ ਕਰਜਾ ਮੁਆਫ ਕੀਤਾ ਸੀ ਅਤੇ ਹੁਣ ਉਨ੍ਹਾਂ ਵੱਲੋਂ ਬੇਜ਼ਮੀਨੇ ਕਿਸਾਨਾਂ ਦਾ ਕਰਜਾ ਮੁਆਫ ਕੀਤਾ ਗਿਆ ਹੈ।
ਇਸ ਯੋਜਨਾ ਨੂੰ ਸ਼ੁਰੂ ਕਰਦੇ ਹੋਏ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਤੌਰ ’ਤੇ 21 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਚੈਕ ਸੌਂਪੇ। ਅਤੇ ਆਉਣ ਵਾਲੇ ਦਿਨਾਂ ਚ ਹੋਰ ਚੈੱਕ ਵੰਡਣ ਦੀ ਜਿੰਮੇਵਾਰੀ ਵਿਧਾਇਕਾ ਅਤੇ ਮੰਤਰੀਆਂ ਨੂੰ ਸੌਂਪੀ।