ਰੂਪਨਗਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਤੇ ਹੋਰ ਵੀ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕੀਤਾ ਜਾਵੇ ਤਾਂ ਕਿ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨੋਟਿਸ ਕੱਢਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਡੀਸੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਡੀਆਂ ਰਿਆਇਤਾਂ ਉੱਤੇ ਆਧੁਨਿਕ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਤੇ ਇਸ ਲਈ ਕਿਸਾਨਾਂ ਨੂੰ ਸਬਸਿਡੀ ਉਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਮੋਨੀਟਰਿੰਗ ਕੀਤੀ ਜਾਵੇ।
ਡਾ. ਸੁਮਿਤ ਜਾਰੰਗਲ ਨੇ ਕਿਹਾ ਕਿ ਕਿਸਾਨਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਮਗਰੋਂ ਰੋਟਾਵੇਟਰ, ਹੈਪੀ ਸੀਡਰ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਅਧਿਕਾਰੀਆਂ ਦੀ ਗਠਿਤ ਕੀਤੀ ਗਈ ਟੀਮ ਵੱਲੋ ਹੁਣ ਤੱਕ 3 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਾਲੀਆਂ 9 ਸਾਈਟਾਂ ਸਾਹਮਣੇ ਆਈਆਂ ਹਨ, ਜਿਸ ‘ਤੇ ਸਬੰਧਤ ਕਿਸਾਨਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।