ਰੂਪਨਗਰ: ਜੇਲ੍ਹ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਰਪ੍ਰੀਤ ਕੌਰ ਜੀਵਨ, ਮਾਣਯੋਗ ਸ਼ੈਸ਼ਨ ਜੱਜ ਨੇ ਸਨਿੱਚਰਵਾਰ ਨੂੰ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹਰਸਿਮਰਨਜੀਤ ਸਿੰਘ, ਸੀ.ਜੇ.ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੂਜਾ ਅਡੋਂਤਰਾ ਚੀਫ਼ ਜੁਡੀਸ਼ੀਅਲ ਮੈਜੀਸਟ੍ਰੇਟ ਵੀ ਹਾਜ਼ਰ ਸਨ। ਸ਼ੈਸ਼ਨ ਜੱਜ਼ ਸਾਹਿਬ ਨੇ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਅਤੇ ਜੇਲ ਪ੍ਰਸਾਸ਼ਨ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਨੇ ਖਾਸ ਤੌਰ 'ਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਸਾਹਿਬ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਦਿੱਤੀ।
ਮਾਣਯੋਗ ਸ਼ੈਸ਼ਨ ਜੱਜ ਨੇ ਜ਼ਿਲ੍ਹਾ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ, ਜਿਸ ਦੁਆਰਾ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਉਸ ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਗਈ। ਇਸ ਤੋਂ ਬਾਅਦ ਮਾਣਯੋਗ ਸ਼ੈਸ਼ਨ ਜੱਜ ਨੇ ਜ਼ਰੂਰੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ।
ਮਾਣਯੋਗ ਸ਼ੈਸ਼ਨ ਜੱਜ ਨੇ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ੍ਹ ਪ੍ਰਬੰਧਾਂ ਨੂੰ ਨਿਯਮਾ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।