ਰੂਪਨਗਰ: ਕੁੱਝ ਦਿਨ ਪਹਿਲਾਂ ਸਰਕਾਰੀ ਕਾਲਜ ਰੂਪਨਗਰ ਵਿੱਚ ਆਰਐਸਐਸ ਦੇ ਵਰਕਰਾਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾਣਾ ਸੀ। ਪੁਲਿਸ ਪ੍ਰਸ਼ਾਸਨ ਦੇ ਦਖ਼ਲ ਤੋਂ ਬਾਅਦ ਉਨ੍ਹਾਂ ਦਾ ਪ੍ਰੋਗਰਾਮ ਰੱਦ ਹੋ ਗਿਆ ਜਿਸ ਦਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੀ ਵਿਰੋਧ ਕੀਤਾ ਗਿਆ ਸੀ।
ਹੁਣ 16 ਮਾਰਚ ਨੂੰ ਆਰਐਸਐਸ ਵਾਲਿਆਂ ਵੱਲੋਂ ਸਰਕਾਰੀ ਕਾਲਜ ਦੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਦਾ ਪ੍ਰਚਾਰ ਕਰਨਾ ਹੈ ਜਿਸ ਦਾ ਸਰਕਾਰੀ ਕਾਲਜ ਦੇ ਵਿਦਿਆਰਥੀ ਵਿਰੋਧ ਕਰ ਰਹੇ ਹਨ।
ਪੰਜਾਬ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਰਣਬੀਰ ਸਿੰਘ ਰੰਧਾਵਾ ਦੇ ਨਾਲ ਕਾਲਜ ਵਿਦਿਆਰਥੀਆਂ ਨੇ ਰੂਪਨਗਰ ਐਸਐਸਪੀ ਨੂੰ ਆਪਣਾ ਇੱਕ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਆਰਐਸਐਸ ਦੇ ਵਰਕਰਾਂ ਵੱਲੋਂ ਕਾਲਜ ਦੇ ਵਿੱਚ ਕਿਸੇ ਵੀ ਕਿਸਮ ਦਾ ਪ੍ਰੋਗਰਾਮ ਨਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: 117 ਵਿਧਾਇਕਾਂ ਦੇ ਸਟੱਡੀ ਟੂਰ ਨਾਲ ਨਹੀਂ ਪਵੇਗਾ ਕੋਈ ਆਰਥਿਕ ਬੋਝ: ਪਰਗਟ ਸਿੰਘ
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਰਣਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ 16 ਮਾਰਚ ਨੂੰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਦੇ ਪੇਪਰ ਸ਼ੁਰੂ ਹੋ ਰਹੇ ਹਨ। ਉਨ੍ਹਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਆਰਐਸਐਸ ਦੇ ਵਰਕਰਾਂ ਨੂੰ ਕਾਲਜ ਦੇ ਵਿੱਚ ਆਉਣ ਤੋਂ ਰੋਕਿਆ ਜਾਵੇ।
ਰੰਧਾਵਾ ਨੇ ਕਿਹਾ ਕਿ ਦੇਸ਼ ਦੇ ਵਿੱਚ ਪਹਿਲਾਂ ਹੀ ਇਸ ਨਾਲ ਮਾਹੌਲ ਖ਼ਰਾਬ ਹੋਇਆ ਹੈ ਅਤੇ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ 'ਤੇ ਬੈਨ ਲਗਾਇਆ ਜਾਵੇ।