ਰੂਪਨਗਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ 'ਚ ਇਕ ਦਸੰਬਰ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਇਸ ਹਸਤਾਖਰ ਮੁਹਿੰਮ ਦੇ ਦੂਜੇ ਪੜਾਅ ਦੌਰਾਨ ਅੱਜ ਗ੍ਰਾਮ ਪੰਚਾਇਤ ਘਨੌਲੀ ਸਰਪੰਚ ਕਮਲਜੀਤ ਕੌਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗਿਆਨ ਸਿੰਘ ਘਨੌਲੀ ਤੇ ਸਮੂਹ ਸੰਗਤ ਵੱਲੋਂ ਸਾਂਝੇ ਤੌਰ ਉਤੇ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਸ ਹਸਤਾਖਰ ਮੁਹਿੰਮ ਦੀ ਆਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਵੀ ਇਸ ਅਰਦਾਸ ਵਿੱਚ ਸ਼ਮੂਲੀਅਤ ਕੀਤੀ।
ਹਰ ਘਰ ਤਕ ਪਹੁੰਚਾਈ ਜਾਵੇ ਦਸਤਖਤੀ ਮੁਹਿੰਮ : ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੇਰੀ ਸਾਰੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਤੁਸੀਂ ਵੀ ਮਨੁੱਖੀ ਅਧਿਕਾਰਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਹਿੱਸਾ ਬਣੋ ਤੇ ਜ਼ਿਆਦਾ ਤੋਂ ਜ਼ਿਆਦਾ ਦਸਤਖਤ ਕਰ ਆਪਣਾ ਬਣਦਾ ਯੋਗਦਾਨ ਪਾਓ। ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਸਤਾਖਰ ਮੁਹਿੰਮ ਦੇ ਪਹਿਲੇ ਪੜਾਅ ਦੌਰਾਨ ਇਸਨੂੰ ਵੱਡੀ ਪੱਧਰ ਉਤੇ ਸੰਗਤ ਤੱਕ ਪਹੁੰਚਾਇਆ ਗਿਆ। ਉਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਇਸ ਹਸਤਾਖਰ ਮੁਹਿੰਮ ਦੇ ਦੂਸਰੇ ਪੜਾਅ ਦੌਰਾਨ ਸੰਗਤ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤਕ ਲੈ ਕੇ ਜਾਣ, ਤਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ।
ਇਹ ਵੀ ਪੜ੍ਹੋ : Morbi Bridge Accident: ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਤੇ ਜ਼ਖਮੀਆਂ ਨੂੰ 2-2 ਲੱਖ ਰੁਪਏ, ਗੁਜਰਾਤ ਹਾਈ ਕੋਰਟ ਦੇ ਹੁਕਮ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭ ਕੀਤੀ ਗਈ ਹਸਤਾਖਰ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਤੇ ਅੱਜ ਘਨੌਲੀ ਵਿਖੇ ਇਸ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਕੈਂਪ ਲਗਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਸਤਾਖਰ ਮੁਹਿੰਮ ਤਹਿਤ ਕੈਂਪ ਲਗਵਾਉਣ ਲਈ ਲੋੜੀਂਦੇ ਫਾਰਮ ਲੈਣ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : Fatehgarh sahib encounter: ਕਾਂਸਟੇਬਲ ਕੁਲਦੀਪ ਬਾਜਵਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦਾ ਐਨਕਾਊਂਟਰ
ਇਸ ਮੌਕੇ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਵੀ ਇਸ ਹਸਤਾਖਰ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਘਨੌਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਤੇ ਸਾਰੀ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੰਗਤ ਵੱਧ ਚੜ੍ਹ ਕੇ ਇਸ ਹਸਤਾਖਰ ਮੁਹਿੰਮ ਤਹਿਤ ਹਸਤਾਖਰ ਕਰਨ, ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਰ ਮਜ਼ਬੂਤੀ ਮਿਲ ਸਕੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ।