ਰੋਪੜ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਿਊਰੋ ਰੋਜ਼ਗਾਰ ਰੋਪੜ ਵਿਖੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ ਜਿਸ 'ਚ ਰੋਪੜ ਦੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ ਲੜਕੇ-ਲੜਕੀਆਂ ਨੇ ਭਾਗ ਲਿਆ। ਇਸ ਸੈਮੀਨਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਸਹੀ ਜਾਣਕਾਰੀ ਦੇਣਾ ਸੀ।
ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਕਰੀਅਰ ਕੌਂਸਲਰ ਸੁਪ੍ਰੀਤ ਕੌਰ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਵਾਸਤੇ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਵਿਦੇਸ਼ ਭੇਜਣ ਵਾਲੀਆਂ ਕੰਪਨੀਆਂ ਵੱਲੋਂ ਇਸ ਕੈਂਪ 'ਚ ਸਾਰੀ ਜ਼ਰੂਰੀ ਜਾਣਕਾਰੀ ਦਿੱਤੀ ਗਈ ਹੈ। ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਗ਼ਲਤ ਏਜੰਟਾਂ ਤੋਂ ਆਪਣੇ ਪੈਸੇ ਬਰਬਾਦ ਕਰ ਧੋਖਾਧੜੀ ਦਾ ਸ਼ਿਕਾਰ ਹੋ ਰਹੇ ਹਨ, ਇਸ ਲਈ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣਾ ਜ਼ਰੂਰੀ ਹੈ।