ਰੂਪਨਗਰ: ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਵਾਤਾਵਰਣ ਸੰਭਾਲ ਦਾ ਜੋ ਸੁਨੇਹਾ ਦਿੱਤਾ ਹੈ ਉਸ ਦਾ ਰਹਿੰਦੀ ਦੁਨੀਆਂ ਤੱਕ ਕੋਈ ਬਦਲ ਨਹੀਂ ਹੋ ਸਕਦਾ। ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਗੁਰੂ ਸਾਹਿਬ ਦੀ ਬਾਣੀ ਦੇ ਇਹ ਸੱਤ ਸ਼ਬਦਾਂ ਵਿੱਚ ਸਾਰੀ ਕਾਇਨਾਤ ਦਾ ਸੱਚ ਮੌਜੂਦ ਹੈ। ਇਸ ਧਰਤੀ ਦਾ ਹਿਰਦਾ ਠਾਰਨ ਲਈ ਇਨ੍ਹਾਂ ਸੱਤ ਸ਼ਬਦਾਂ ਵਿੱਚ ਹੀ ਹੋ ਕੇ ਲੰਘਣਾ ਪਵੇਗਾ।
ਇਸੇ ਤਹਿਤ ਈਟੀਵੀ ਭਾਰਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।
ਈਟੀਵੀ ਭਾਰਤ ਦੀ ਇਸੇ ਮੁਹਿੰਮ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮਰਥਨ ਕੀਤਾ ਹੈ ਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਲੌਂਗੋਵਾਲ ਨੇ ਆਮ ਲੋਕਾਂ ਦੇ ਨਾਲ-ਨਾਲ ਪੂਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਮੈਂਬਰਾਂ ਤੇ ਮੈਨੇਜਰਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜ਼ਮੀਨਾਂ ਦੇ ਵਿੱਚ ਉਗਾਈ ਝੋਨੇ ਦੀ ਫ਼ਸਲ ਦੀ ਪਰਾਲੀ ਨੂੰ ਨਾ ਸਾੜਿਆ ਜਾਵੇ।
ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਾਤਾਵਰਣ ਸੰਭਾਲ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ।
ਲੌਂਗੋਵਾਲ ਨੇ ਕਿਹਾ ਕਿ ਅੱਜ ਸੰਸਾਰ ਦੇ ਵਿੱਚ ਸਭ ਤੋਂ ਵੱਧ ਬਿਮਾਰੀਆਂ ਦਾ ਮੁੱਖ ਕਾਰਨ ਧਰਤੀ ਦੇ ਵਿੱਚ ਵਾਤਾਵਰਣ ਦਾ ਦੂਸ਼ਿਤ ਹੋਣਾ ਹੈ ਇਸ ਕਰਕੇ ਉਨ੍ਹਾਂ ਨੇ ਸਰਕਾਰਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਆਪਣੇ ਵਾਤਾਵਰਣ ਨੂੰ ਬਚਾਉਣ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦੇ ਬਦਲੇ ਉਨ੍ਹਾਂ ਦੀ ਬਣਦੀ ਮਦਦ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਤੇ ਵਾਤਾਵਰਨ ਸੰਭਾਲ ਪ੍ਰਤੀ ਈਟੀਵੀ ਭਾਰਤ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦਾ ਹਰ ਵਰਗ, ਧਰਮ ਤੇ ਸਮਾਜਿਕ ਹਸਤੀਆਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ।