ਰੂਪਨਗਰ: ਅਗਸਤ ਮਹੀਨੇ ਵਿੱਚ ਲਗਾਤਾਰ ਕੋਰੋਨਾ ਦੇ ਨਵੇਂ ਮਾਮਲੇ ਵਧਦੇ ਜਾ ਰਹੇ ਹਨ ਜਿਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਪੰਜਾਬ ਦੇ ਵਿਚ ਸਨਿੱਚਰਵਾਰ ਅਤੇ ਐਤਵਾਰ ਨੂੰ ਵੀਕੈਂਡ ਲੌਕਡਾਊਨ ਲਗਾਉਣ ਦਾ ਫ਼ੈਸਲਾ ਲਿਆ ਗਿਆ ਸੀ।
ਵੀਕੈਂਡ ਲੌਕਡਾਊਨ ਰੂਪਨਗਰ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਕਾਮਯਾਬ ਦਿਖਾਈ ਦੇ ਰਿਹਾ ਹੈ। ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਅਤੇ ਸੰਨਾਟਾ ਛਾਇਆ ਹੋਇਆ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਕੋਰੋਨਾ ਮਹਾਂਮਾਰੀ ਨੂੰ ਰੋਕਣਾ ਹੈ ਤਾਂ ਸਾਨੂੰ ਸਰਕਾਰ ਵੱਲੋਂ ਲਏ ਫੈਸਲਿਆਂ 'ਤੇ ਅਮਲ ਕਰਨ ਦੀ ਲੋੜ ਹੈ ਅਤੇ ਦੋ ਦਿਨ ਮਾਰਕੀਟ ਬਾਜ਼ਾਰ ਪੂਰੀ ਤਰ੍ਹਾਂ ਬੰਦ ਰੱਖਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਹਰਾਇਆ ਜਾ ਸਕੇ।
ਉੱਧਰ ਰੋਪੜ ਦੇ ਬੇਲਾ ਚੌਕ ਦੇ ਵਿੱਚ ਸਥਾਨਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ ਅਤੇ ਇੱਥੋਂ ਗੁਜ਼ਰਨ ਵਾਲੇ ਹਰ ਬੰਦੇ ਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਬਲਜਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਏ ਵੀਕੈਂਡ ਲਾਕਡਾਊਨ ਦਾ ਸਥਾਨਕ ਜਨਤਾ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਲੋਕਾਂ ਨੂੰ ਅਪੀਲ ਹੈ ਕਿ ਉਹ ਬਿਨਾਂ ਮਤਲਬ ਦੇ ਘਰੋਂ ਬਾਹਰ ਨਾ ਨਿਕਲਣ ਅਤੇ ਵੀਕੈਂਡ ਲੌਕਡਾਊਨ ਦੇ ਦੌਰਾਨ ਆਪਣੇ ਘਰਾਂ ਦੇ ਵਿੱਚ ਹੀ ਰਹਿਣ।