ਸ੍ਰੀ ਅਨੰਦਪੁਰ ਸਾਹਿਬ: ਅਧਿਆਪਕ ਦਿਵਸ ਦੇ ਮੌਕੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਵਿਰਾਸਤ ਏ ਖ਼ਾਲਸਾ ਵਿੱਚ ਰੱਖੇ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੁੱਜੇl ਇਸ ਮੌਕੇ ਉਨ੍ਹਾਂ ਨਾਲ ਸਥਾਨਕ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।
ਪ੍ਰੋਗਰਾਮ ਤੋਂ ਬਾਅਦ ਸੀਐਮ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਮੀਡਿਆ ਨਾਲ ਗੱਲਬਾਤ ਕੀਤੇ ਚਲੇ ਗਏ।
ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਮਾਨ ਨੇ ਐਲਾਨ ਕਰਦੇ ਹੋਏ ਯੂਜੀਸੀ ਦਾ 7ਵਾਂ ਪੇਅ ਸਕੇਲ ਕਮਿਸ਼ਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਾਲ ਹੀ ਕੰਮ ਕਰ ਰਹੇ ਗੇਸਟ ਫੈਕਲਟੀ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਗੈਸਟ ਫੈਕਿਲਟੀ ਅਧਿਆਪਕ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨਾਲ ਸਾਰੇ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿਚ ਯੂਜੀਸੀ ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ ਹੈ। ਜੋ ਕਿ 1 ਅਕਤੂਬਰ 2022 ਤੋਂ ਲਾਗੂ ਹੋਵੇਗਾ।
ਕਾਬਿਲੇਗੌਰ ਹੈ ਕਿ ਪਿਛਲੇ ਲੰਬੇ ਸਮੋਂ ਅਧਿਆਪਕਾਂ ਵੱਲੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤੇ ਗਏ। ਪਰ ਹੁਣ ਸਰਕਾਰ ਵੱਲੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: 2024 ਪਾਰਲੀਮੈਂਟ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਭਾਜਪਾ ਨੂੰ ਉਮੀਦਵਾਰ ਵਜੋਂ ਸਿੱਖ ਚਿਹਰਿਆਂ ਦੀ ਤਲਾਸ਼