ਰੂਪਨਗਰ : ਨੰਗਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਐਡਵੋਕੇਟ ਵਿਸ਼ਾਲ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਦਸੰਬਰ 2022 ਵਿੱਚ ਪਿੰਡ ਭਲਾਣ ਵਿੱਚ ਨਾਜਾਇਜ਼ ਮਾਈਨਿੰਗ ਦੇ ਵਿਰੋਧ ਦੌਰਾਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਅੱਜ ਨੰਗਲ ਪੁਲਿਸ ਨੇ ਪੁਰਾਣੇ ਕੇਸ ਵਿੱਚ ਗ੍ਰਿਫਤਾਰੀ ਪਾਈ ਹੈ। ਜਾਣਕਾਰੀ ਅਨੁਸਾਰ 10 ਦਸੰਬਰ 2022 ਨੂੰ ਨੰਗਲ ਪੁਲਿਸ ਨੇ ਕੁਝ ਅਣਪਛਾਤੇ ਵਿਅਕਤੀਆਂ ਨੂੰ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਸੀ।
ਜਿਕਰਯੋਗ ਹੈ ਕਿ ਐਡਵੋਕੇਟ ਵਿਸ਼ਾਲ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਡੀਐੱਸਪੀ ਨੰਗਲ ਸਤੀਸ਼ ਸ਼ਰਮਾ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਐਡਵੋਕੇਟ ਵਿਸ਼ਾਲ ਸੈਣੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਸ ਕੇਸ ਨਾਲ ਸਬੰਧਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਮਾਮਲੇ ਵਿਚ ਹੋਰ ਲੋਕਾਂ ਤੋਂ ਵੀ ਪੁੱਛ ਗਿੱਛ ਕੀਤੀ ਜਾ ਸਕਦੀ ਹੈ
ਕੀ ਬੋਲੇ ਵਿਸ਼ਾਲ ਸੈਣੀ ਦੇ ਵਕੀਲ : ਦੂਜੇ ਪਾਸੇ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਮਾਣਯੋਗ ਜਸਟਿਸ ਨੇ ਐਡਵੋਕੇਟ ਵਿਸ਼ਾਲ ਸੈਣੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਨੰਗਲ ਦੇ ਵਿੱਚ ਲਗਾਤਾਰ ਨਜਾਇਜ਼ ਮਾਈਨਿੰਗ ਦੇ ਮੁੱਦੇ ਉੱਤੇ ਪਿਛਲੇ ਸਮੇਂ ਦੌਰਾਨ ਅਤੇ ਮੌਜੂਦਾ ਸਰਕਾਰ ਦੇ ਸਮੇਂ ਵਿੱਚ ਧਰਨੇ ਪ੍ਰਦਰਸ਼ਨ ਹੁੰਦੇ ਰਹੇ ਹਨ। ਜੇਕਰ ਇਸ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇਸ ਮਾਮਲੇ ਵਿੱਚ ਮੌਜੂਦਾ ਪੰਜਾਬ ਵਿੱਚ ਬਣੀ ਆਮ ਆਦਮੀ ਦੀ ਸਰਕਾਰ ਸਮੇਂ ਇਹ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਵੱਡੇ ਪੱਧਰ ਉੱਤੇ ਲੋਕਾਂ ਵੱਲੋਂ ਇਕੱਠਾ ਹੋ ਕੇ ਪ੍ਰਦਰਸ਼ਨ ਕੀਤਾ ਗਿਆ ਸੀ। ਇਹ ਪ੍ਰਦਰਸ਼ਨ ਨਾਜਾਇਜ ਮਾਈਨਿੰਗ ਦੇ ਮੁੱਦੇ ਉੱਤੇ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਇਕ ਆਡੀਓ ਵੀ ਵਾਇਰਲ ਹੋਈ ਸੀ।