ਆਨੰਦਪੁਰ ਸਾਹਿਬ: 6 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਮੁਕੱਦਸ ਮੁਕਾਮ 2 ਗੁਰੂ ਸਾਹਿਬਾਨ ਦਾ ਜਨਮ ਸਥਾਨ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕੀਰਤਪੁਰ ਸਾਹਿਬ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਜਾਂ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਪਾਰਕਿੰਗ, ਗੁਰਦੁਆਰਾ ਚਰਨ ਕਮਲ ਸਾਹਿਬ ਦੀ ਪਾਰਕਿੰਗ, ਕਮਿਊਨਿਟੀ ਸੈਂਟਰ, 4 ਸਵਾਗਤੀ ਗੇਟ ਅਤੇ ਹੋਰ ਗਲੀਆਂ ਅਤੇ ਨਾਲੀਆਂ ਦੇ ਕੰਮ ਜਿਹੜੇ ਮੁਕੰਮਲ ਹੋ ਚੁੱਕੇ ਹਨ ਜਾਂ ਹਲੇ ਨਿਰਮਾਣ ਅਧੀਨ ਹਨ। ਉਨ੍ਹਾਂ ਨੂੰ ਜਲਦੀ ਹੀ ਲੋਕ ਅਰਪਣ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਆਲੇ ਦੁਆਲੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ 'ਚ ਸਾਰੇ ਵਿਕਾਸ ਦੇ ਕੰਮ ਮੁਕੰਮਲ ਹੋਣ ਉਪਰੰਤ ਇਸ ਦੇ ਚੌਗੀਰਦੇ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਵੀ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਨਗਰ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਦੀਆਂ ਧਾਰਮਿਕ ਭਾਵਨਾ ਦੀ ਕਦਰ ਕਰਦੇ ਹੋਏ ਬਾਹਰੋ ਆਉਣ ਵਾਲੇ ਸ਼ਰਧਾਲੂਆਂ ਲਈ ਹੋਰ ਵਧੇਰੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਲਈ ਫੰਡ ਦੀ ਘਾਟ ਨਹੀਂ ਹੈ।