ਰੂਪਨਗਰ: ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਸ਼ਕਿਲ ਦੀ ਇਸ ਘੜੀ ਵਿੱਚ ਲੋਕਾਂ ਦੀ ਹਰ ਮੁੱਢਲੀ ਜ਼ਰੂਰਤ ਦਾ ਖਿਆਲ ਰੱਖਿਆ ਜਾਵੇ ਅਤੇ ਜ਼ਰੂਰੀ ਵਸਤਾਂ ਦੀ ਘਰ-ਘਰ ਸਪਲਾਈ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜੇਕਰ ਰਾਸ਼ਨ, ਦਵਾਈਆਂ, ਫ਼ਲ, ਸਬਜੀਆਂ ਆਦਿ ਲੋਕਾਂ ਦੀ ਪਹੁੰਚ ਲੋਕਾਂ ਦੇ ਘਰਾਂ ਤੱਕ ਹੋਵੇਗੀ ਤਾਂ ਹੀ ਕਰਫਿਊ ਨੂੰ ਠੀਕ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ।
ਆਪਣੇ ਦੌਰੇ ਦੌਰਾਨ ਉਨਾਂ ਸਥਾਨਕ ਪੁਲਿਸ ਲਾਈਨ ਦਾ ਦੌਰਾ ਕਰਕੇ ਪੁਲਿਸ ਵਿਭਾਗ ਵੱਲੋਂ ਹੈਲਪਲਾਈਨ ਨੰਬਰ 112 ਜ਼ਰੀਏ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦੀ ਵੀ ਸਮੀਖਿਆ ਕੀਤੀ।
ਕੈਬਿਨੇਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਜ਼ਰੂਰੀ ਵਸਤਾਂ ਦੀ ਪਹੁੰਚ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕਰਵਾਈ ਗਈ ਮੁਫ਼ਤ ਰਾਸ਼ਨ ਵੰਡ ਸਕੀਮ ਤਹਿਤ ਹਰ ਲੋੜਵੰਦ ਤੱਕ ਰਾਸ਼ਨ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮਾਂ ਰਹਿੰਦੇ ਵੱਖ-ਵੱਖ ਥਾਂਵਾਂ ’ਤੇ ਏਕਾਂਤਵਾਸ ਕੇਂਦਰ ਸਥਾਪਿਤ ਕਰ ਲਏ ਜਾਣ ਤਾਂ ਜੋ ਕੋਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਵੱਖਰਾ ਰੱਖਿਆ ਜਾ ਸਕੇ।
ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹਿਮਾਚਲ ਪ੍ਰਦੇਸ਼ ਨਾਲ ਲਗਦੀ ਜ਼ਿਲੇ ਦੀ ਹੱਦ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਜਾਵੇ ਤਾਂ ਜੋ ਵਾਇਰਸ ਫੈਲਣ ਦੇ ਖ਼ਤਰੇ ਨੂੰ ਘਟਾਇਆ ਜਾ ਸਕੇ। ਉਨਾਂ ਕਿਹਾ ਕਿ ਮੀਟਿੰਗ ਦੌਰਾਨ ਸਿਵਲ ਸਰਜਨ ਨੇ ਦੱਸਿਆ ਕਿ ਸਿਵਲ ਹਸਪਤਾਲ ਲਈ ਇੱਕ ਵੈਂਟੀਲੇਟਰ ਖਰੀਦ ਲਿਆ ਗਿਆ ਹੈ ਜੋ ਕਿ ਜਲਦ ਹੀ ਚਾਲੂ ਕਰਵਾ ਦਿੱਤਾ ਜਾਵੇਗਾ।
ਇਸ ਮੌਕੇ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਥਾਨਕ ਡੇਰੇ ਦਾ ਵੀ ਦੌਰਾ ਕਰਕੇ ਪ੍ਰਬੰਧਕਾਂ ਵੱਲੋਂ ਰੋਜ਼ਾਨਾ ਲਗਭਗ 4,000 ਵਿਅਕਤੀਆਂ ਨੂੰ ਸਵੇਰ ਅਤੇ ਸ਼ਾਮ ਦਾ ਪੱਕਿਆ ਖਾਣਾ ਭੇਜਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ।
ਉਨਾਂ ਕਿਹਾ ਕਿ ਪੂਰੇ ਵਿਸ਼ਵ ’ਤੇ ਆਈ ਕੋਰੋਨਾ ਵਾਇਰਸ ਦੀ ਆਪਦਾ ਮੌਕੇ ਮਨੁੱਖਤਾ ਦੀ ਸੇਵਾ ਲਈ ਹਰ ਮਨੁੱਖ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਰੇ ਦੇ ਪ੍ਰਬੰਧਕਾਂ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਇਹ ਖਾਣਾ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।