ਰੂਪਨਗਰ: ਜਲ ਸਪਲਾਈ ਸਕੀਮਾਂ ਦਾ ਪੰਚਾਇਤੀ ਕਰਨ ਦੇ ਨਾਂਅ ਹੇਠ ਨਿੱਜੀਕਰਨ ਦੀਆਂ ਨੀਤੀਆਂ ਲਿਆਉਣ ਦੇ ਵਿਰੋਧ ਵਿੱਚ ਬੀਡੀਪੀਓ ਦਫ਼ਤਰ ਦੇ ਬਾਹਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਧਰਨਾ ਦਿੱਤਾ। ਇਸ ਧਰਨੇ ਵਿੱਚ ਔਰਤਾਂ, ਨੌਜਵਾਨਾਂ ਅਤੇ ਛੋਟੇ ਛੋਟੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
ਧਰਨਾਕਾਰੀ ਮੱਖਣ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਜਲ ਘਰ ਦਾ ਪੰਚਾਇਤੀ ਕਰਨ ਦੇ ਨਾਂਅ ਹੇਠ ਨਿੱਜੀਕਰਨ ਦੇ ਮੰਤਵ ਨਾਲ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਾਧੂ ਅਧਿਕਾਰ ਦੇਣ ਦੇ ਨਾਂਅ ਉੱਤੇ ਪੰਜਾਬ ਸਰਕਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬੀਡੀਪੀਓ ਰਾਹੀਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਕੋਲੋਂ ਜਲ ਜੀਵਨ ਮਿਸ਼ਨ ਅਧੀਨ ਜਲ ਸਕੀਮਾਂ ਦੀ ਸਾਂਭ ਸੰਭਾਲ ਕਰਨ ਦੇ ਮੰਤਵ ਨਾਲ ਮਤੇ ਪਾ ਰਹੀ ਹੈ ਜਿਸ ਦਾ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਜਲ ਸਪਲਾਈ ਮਹਿਕਮੇ ਵੱਲੋਂ ਚਲਾਈਆਂ ਜਾ ਰਹੀਆਂ ਇਨ੍ਹਾਂ ਵਾਟਰ ਸਕੀਮਾਂ ਨੂੰ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਦੇ ਕੇ ਆਪ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜਨ ਸਕੀਮਾਂ ਦੇ ਅਧੀਨ ਕੰਟਰੈਕਟ ਉੱਤੇ ਕੰਮ ਕਰ ਰਹੇ ਕਈ ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ।