ਰੂਪਨਗਰ: ਕੋਰੋਨਾ ਦੀ ਮਹਾਂਮਾਰੀ ਦੇ ਚੱਲਦੇ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਖ਼ਰੀਦਣ ਵਾਸਤੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉੱਥੇ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇ ਹੋਰ ਪ੍ਰਬੰਧਾਂ 'ਤੇ ਨਜ਼ਰ ਬਣਾਈ ਰੱਖਣ ਵਾਸਤੇ ਸਾਬਕਾ ਫ਼ੌਜੀਆਂ ਨੂੰ ਵੀ ਤਾਇਨਾਤ ਕੀਤਾ ਹੋਇਆ ਹੈ।
ਕੀ ਇਹ ਪ੍ਰਬੰਧ ਢੁੱਕਵੇਂ ਹਨ ਕਿ ਕਿਸੇ ਨੂੰ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਇਹ ਜਾਣਨ ਲਈ ਈਟੀਵੀ ਭਾਰਤ ਨੇ ਗਰਾਊਂਡ ਜ਼ੀਰੋ 'ਤੇ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਰੂਪਨਗਰ ਦੀ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਭਰਪੂਰ ਹੈ ਪਰ ਕਣਕ ਨੂੰ ਖ਼ਰੀਦਣ ਤੋਂ ਬਾਅਦ ਲਿਫਟਿੰਗ ਨਹੀਂ ਹੋ ਰਹੀ। ਇਸ ਕਾਰਨ ਮੰਡੀ ਵਿੱਚ ਖ਼ਰੀਦੀ ਹੋਈ ਕਣਕ ਦੀ ਬੋਰੀਆਂ ਦੇ ਢੇਰ ਲੱਗ ਗਏ ਹਨ।
ਇਹ ਜਾਣਕਾਰੀ ਰੂਪਨਗਰ ਦੀ ਦਾਣਾ ਮੰਡੀ ਵਿੱਚ ਤਾਇਨਾਤ ਸਾਬਕਾ ਫ਼ੌਜੀਆਂ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ। ਜਦੋਂ ਤੱਕ ਇਹ ਕਣਕ ਇੱਥੋਂ ਲਿਫਟ ਨਹੀਂ ਕੀਤੀ ਜਾਵੇਗੀ ਉਦੋਂ ਤੱਕ ਕਿਸਾਨਾਂ ਨੂੰ ਨਵੇਂ ਟੋਕਨ ਨਹੀਂ ਜਾਰੀ ਹੋਣਗੇ। ਇਸ ਕਾਰਨ ਹੁਣ ਕਿਸਾਨਾਂ ਨੂੰ ਆਪਣੀ ਕਣਕ ਮੰਡੀ ਵਿੱਚ ਲਿਆਉਣ ਵਾਸਤੇ ਵੀ ਭਾਰੀ ਮੁਸ਼ਕਿਲ ਹੋਵੇਗੀ, ਉਪਰੋਂ ਮੌਸਮ ਵੀ ਖਰਾਬ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ ਤੇ ਉਨ੍ਹਾਂ ਨੇ ਅਪੀਲ ਕੀਤੀ ਕਿ ਮੰਡੀ ਵਿੱਚੋਂ ਕਣਕ ਦੀ ਲਿਫਟਿੰਗ ਜਲਦ ਤੋਂ ਜਲਦ ਕਰਵਾਈ ਜਾਵੇ।