ਰੂਪਨਗਰ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰਾਨ ਹੁਣ ਆਮ ਆਦਮੀ ਪਾਰਟੀ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦਾ ਆਕਸੀ ਮੀਟਰ ਦੇ ਨਾਲ ਆਕਸੀਜਨ ਲੈਵਲ ਚੈੱਕ ਕੀਤਾ ਜਾ ਰਿਹਾ ਹੈ। ਇਹ ਮੁਹਿੰਮ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੰਜਾਬ ਵਿੱਚ ਸ਼ੁਰੂ ਕਰਨ ਲਈ ਕਿਹਾ ਗਿਆ ਸੀ, ਜਿਸ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਹੈ। ਹੁਣ ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਇਸ ਸਮੇਂ ਕੋਰੋਨਾ ਮਹਾਂਮਾਰੀ ਸਮੁੱਚੀ ਮਨੁੱਖਤਾ ਲਈ ਸੰਕਟ ਦਾ ਸਮਾਂ ਹੈ। ਅਜਿਹੀ ਸਥਿਤੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਰਾਜਨੀਤੀ ਕਰਨਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਰਾਜਨੀਤੀ ਵਿੱਚ ਆਈ ਹੈ ਉਦੋਂ ਤੋਂ ਹੀ ਉਹ ਹੋਛੀ ਰਾਜਨੀਤੀ ਕਰ ਰਹੀ ਹੈ। ਕਦੇ ਇਨ੍ਹਾਂ ਨੇ ਧਾਰਮਿਕ ਮਾਮਲਿਆਂ ਨੂੰ ਲੈ ਕੇ ਲੋਕਾਂ ਨੂੰ ਵਰਗਲਾਇਆ, ਕਦੇ ਝੂਠ ਬੋਲ ਕੇ ਵਰਗਲਾਇਆ। ਹੁਣ ਆਕਸੀ ਮੀਟਰ ਦੇ ਨਾਂਅ 'ਤੇ ਆਪਣੀ ਖੋ ਚੁੱਕੀ ਸਾਖ ਨੂੰ ਬਹਾਲ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਸੰਭਾਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਸਰਕਾਰ ਸਿਹਤ ਸੰਭਾਲ ਪ੍ਰਤੀ ਜ਼ਿੰਮੇਵਾਰੀ ਨਹੀਂ ਨਿਭਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਉੱਤੇ ਕੁਝ ਬੋਲਣ ਦੀ ਥਾਂ ਹੁਣ ਜਨਤਾ ਨੂੰ ਆਕਸੀ ਮੀਟਰ ਵੰਡ ਕੇ ਲੋਕਾਂ ਦੀ ਹਮਦਰਦੀ ਲੈਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਕਾਮਯਾਬ ਨਹੀਂ ਹੋ ਸਕਦੀ।
ਇਹ ਵੀ ਪੜ੍ਹੋ:ਖੇਤੀ ਆਰਡੀਨੈਂਸਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਗਰਜੇ ਕਿਸਾਨ