ਮੁਹਾਲੀ: ਸੂਬੇ ਦੇ ਵਿੱਚ ਆਂਗਣਵਾਰੀ ਵਰਕਰਾਂ ਦੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਇਨ੍ਹਾਂ ਮੰਗਾਂ ਨੂੰ ਲੈਕੇ ਆਂਗਣਵਾੜੀ ਵਰਕਰਾਂ ਦੇ ਵੱਲੋਂ ਮੁਹਾਲੀ ਦੇ ਵਿੱਚ ਧਰਨਾ ਦਿੱਤਾ ਗਿਆ ਹੈ।
ਆਂਗਣਵਾੜੀ ਵਰਕਰਾਂ ਦੇ ਇਸ ਧਰਨੇ ਦੇ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਹੋਰ ਅਕਾਲੀ ਲੀਡਰਸ਼ਿੱਪ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਸੂਬਾ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਵੱਲੋਂ ਸਮੱਸਿਆ ਦੇ ਹੱਲ ਦੀ ਬਜਾਇ ਲਾਠੀਚਾਰਜ ਕੀਤਾ ਗਿਆ ਹੈ ਤੇ ਕੇਸ ਦਰਜ ਕੀਤੇ ਗਏ ਹਨ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਈ ਤਾਂ ਉਹ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਸਮੱਸਿਆ ਦਾ ਹੱਲ ਜ਼ਰੂਰ ਕਰਨਗੇ। ਇਸਦੇ ਨਾਲ ਹੀ ਸੁਖਬੀਰ ਬਾਦਲ ਪ੍ਰਦਰਨਸ਼ਕਾਰੀਆਂ ਨੂੰ ਉਨ੍ਹਾਂ ਦੀ ਸਰਕਾਰ ਬਣਾਉਣ ਦੀ ਅਪੀਲ ਕਰਦੇ ਵੀ ਵਿਖਾਈ ਦਿੱਤੇ।
ਆਂਗਣਵਾੜੀ ਆਗੂ ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹਨਾਂ ਨੂੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਸੀ ਅਤੇ ਹੁਣ ਵੀ ਕਾਂਗਰਸ ਸਰਕਾਰ ਉਹਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਕੁਝ ਨਹੀਂ ਕਰ ਰਹੀ।
ਉਹਨਾਂ ਕਿਹਾ ਕਿ ਸਰਕਾਰ ਤਾਂ ਧਰਨੇ ਵਾਲੀ ਥਾਂ ’ਤੇ ਟੈਂਟ ਵੀ ਨਹੀਂ ਲਗਾਉਣ ਦੇ ਰਹੀ ਜਿਸ ਕਾਰਨ ਉਨ੍ਹਾਂ ਨੂੰ ਗਰਮੀ ਵਿਚ ਹੀ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ :ਬੇਅਦਬੀ ਮਾਮਲਿਆਂ ਨਾਲ ਜੁੜੇ ਕੇਸਾਂ 'ਚ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਜਾਗੀ ਆਸ